#PUNJAB

ਡਰੱਗ ਰੈਕੇਟ ਮਾਮਲਾ: ਐੱਸ.ਆਈ.ਟੀ. ਵੱਲੋਂ ਮਜੀਠੀਆ ਫਿਰ ਤਲਬ

ਪਟਿਆਲਾ/ਚੰਡੀਗੜ੍ਹ, 10 ਮਾਰਚ (ਪੰਜਾਬ ਮੇਲ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਮੁੜ ਤਲਬ ਕੀਤਾ ਹੈ। ਐੱਸ.ਆਈ.ਟੀ. ਵੱਲੋਂ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਵੱਡਾ ਫ਼ੈਸਲਾ ਸੁਣਾਇਆ। ਅਦਾਲਤ ਨੇ ਮਜੀਠੀਆ ਨੂੰ 17 ਮਾਰਚ 2025 ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫ਼ੈਸਲਾ ਮੰਗਲਵਾਰ, 4 ਮਾਰਚ 2025 ਨੂੰ ਸੁਪਰੀਮ ਕੋਰਟ ਦੀ ਇਕ ਬੈਂਚ ਨੇ ਸੁਣਾਇਆ।
ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇਕ ਮਾਮਲੇ ਵਿੱਚ ਘਿਰੇ ਹੋਏ ਹਨ, ਜਿਸ ਵਿਚ ਉਨ੍ਹਾਂ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਆਦੇਸ਼ਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮਜੀਠੀਆ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ‘ਤੇ ਐੱਸ.ਆਈ.ਟੀ. ਦੇ ਅੱਗੇ ਹਾਜ਼ਰ ਹੋਣਾ ਹੋਵੇਗਾ।