#PUNJAB

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

-ਦੋ ਮਹੀਨੇ ਦੀ ਖੱਜਲਖੁਆਰੀ ਉਪਰੰਤ ਪੀੜਤ ਪਰਿਵਾਰ ਨੇ ਡਾ. ਓਬਰਾਏ ਨੂੰ ਕੀਤੀ ਸੀ ਅਪੀਲ
– ਡਾ. ਓਬਰਾਏ ਨੇ ਹੁਣ ਤੱਕ 365 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ
ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਮ੍ਰਿਤਕ ਗੁਰਦੀਪ ਸਿੰਘ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਦੁਬਈ ਆਇਆ ਸੀ। ਬੀਤੀ 25 ਅਪ੍ਰੈਲ ਨੂੰ ਗ਼ੁਸਲਖ਼ਾਨੇ ਵਿਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੋ ਮਹੀਨੇ ਦੀ ਖੱਜਲਖੁਆਰੀ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਕੇ ਗੁਰਦੀਪ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।
ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ, ਉਸ ਦੇ ਰਿਸ਼ਤੇਦਾਰਾਂ ਰਾਜ ਰੁਮਾਰ, ਸਤੀਸ਼ ਕੁਮਾਰ, ਕਮਲ ਕੁਮਾਰ ਤੇ ਲਖਵਿੰਦਰ ਕੁਮਾਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਗੁਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 25 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ ਪਰ ਮ੍ਰਿਤਕ ਦੀ ਲਾਸ਼ ਵਾਪਸ ਭਾਰਤ ਮੰਗਵਾਉਣ ਵਾਸਤੇ ਪਰਿਵਾਰ ਦੋ ਮਹੀਨੇ ਤੱਕ ਖੱਜਲ ਖੁਆਰ ਹੁੰਦਾ ਰਿਹਾ। ਇਸ ਉਪਰੰਤ ਪਰਿਵਾਰ ਨੇ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਇਹ ਸੰਭਵ ਬਣਾਇਆ। ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਗੁਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 365 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।