#PUNJAB

ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਗਵੰਤ ਸਿੰਘ ਬਾਜੇਕੇ ਲੜਨਗੇ ਗਿੱਦੜਬਾਹਾ ਜ਼ਿਮਨੀ ਚੋਣ

ਮੋਗਾ, 27 ਜੂਨ (ਪੰਜਾਬ ਮੇਲ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਚੋਣ ਲੜਨ ਦੀ ਚਰਚਾ ਹੈ। ਵਿਧਾਨਕਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਉੱਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਹੋਣ ਵਾਲੀ ਹੈ।
ਡਿਬਰੂਗੜ੍ਹ ਜੇਲ੍ਹ ‘ਚ ਬੰਦ ਭਗਵੰਤ ਸਿੰਘ ਬਾਜੇਕੇ ਜੋ ਕਿ ਮੋਗਾ ਜ਼ਿਲ੍ਹੇ ਦੀ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਬਾਜੇਕੇ ਦੇ ਵਸਨੀਕ ਹਨ। ਉਨ੍ਹਾਂ ਦੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਬਾਰੇ ਉਨ੍ਹਾਂ ਦੇ ਪੁੱਤ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਭਗਵੰਤ ਸਿੰਘ ਬਾਜੇਕੇ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਹਨ।
ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਭਗਵੰਤ ਸਿੰਘ ਦੀ ਐੱਨ.ਐੱਸ.ਏ. ਐਕਟ ਅਧੀਨ ਗ੍ਰਿਫ਼ਤਾਰੀ ਹੋਈ ਸੀ। ਗ੍ਰਿਫ਼ਤਾਰੀ ਤੋਂ ਪਹਿਲਾਂ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਦੇ ਨਾਂ ਉੱਤੇ ਸੋਸ਼ਲ ਮੀਡੀਆ ਸਾਈਟ ਚਲਾਉਂਦੇ ਸਨ। ਉਨ੍ਹਾਂ ਖ਼ਿਲਾਫ਼ ਨਵੰਬਰ 2022 ਵਿਚ ਥਾਣਾ ਧਰਮਕੋਟ ਵਿਖੇ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।