#PUNJAB

ਡੀ.ਆਈ.ਜੀ. ਹਰਚਰਨ ਭੁੱਲਰ ਮਾਮਲਾ: ਜਾਂਚ ਵਿਚ ਪੰਜਾਬ ਦੇ ਕਈ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ

ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)- ਸੀ.ਬੀ.ਆਈ. ਨੇ ਚੰਡੀਗੜ੍ਹ ਦੀ ਅਦਾਲਤ ਵਿਚ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਵਿਰੁੱਧ ਚੱਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਵਿਚ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਸਬੰਧ ਵਿਚ ਸੀ.ਬੀ.ਆਈ. ਨੇ ਇੱਕ ਵੱਖਰੀ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਦੌਰਾਨ ਜ਼ਬਤ ਕੀਤੇ ਗਏ ਮੋਬਾਈਲ ਫ਼ੋਨ, ਅਸਲ ਦਸਤਾਵੇਜ਼ ਅਤੇ ਨਕਦੀ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ, ਤਾਂ ਜੋ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਸੀ.ਬੀ.ਆਈ. ਦੀ ਜਾਂਚ ਮੁਤਾਬਕ ਇਹ ਮਾਮਲਾ ਉਦੋਂ ਸ਼ੁਰੂ ਹੋਇਆ ਸੀ, ਜਦੋਂ ਕ੍ਰਿਸ਼ਨੂ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਨਾਂ ‘ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਅਤੇ ਵਟਸਐਪ ਚੈਟ ਤੋਂ ਪਤਾ ਲੱਗਾ ਹੈ ਕਿ ਇਹ ਲੋਕ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਸਨ ਅਤੇ ਪੈਸਿਆਂ ਦੇ ਬਦਲੇ ਨਿੱਜੀ ਲੋਕਾਂ ਨੂੰ ਗਲਤ ਤਰੀਕੇ ਨਾਲ ਫਾਇਦੇ ਪਹੁੰਚਾਉਂਦੇ ਸਨ।
ਸੀ.ਬੀ.ਆਈ. ਨੇ ਅਦਾਲਤ ਨੂੰ ਦੱਸਿਆ ਕਿ ਕ੍ਰਿਸ਼ਨੂ ਸ਼ਾਰਦਾ ਦੇ ਨਾਭਾ ਸਥਿਤ ਘਰੋਂ 21 ਲੱਖ ਰੁਪਏ ਦੀ ਨਕਦੀ, ਐਪਲ ਆਈਪੈਡ, ਮੈਕਬੁੱਕ ਅਤੇ ਇੱਕ ਡਾਇਰੀ ਬਰਾਮਦ ਹੋਈ ਹੈ, ਜਿਸ ਦੀ ਜਾਂਚ ਲਈ ਲੋੜ ਹੈ। ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਾਮਲੇ ਵਿਚ ਚੰਡੀਗੜ੍ਹ ਵਿਚ ਕਈ ਮੀਟਿੰਗਾਂ ਅਤੇ ਰਿਸ਼ਵਤ ਦੇ ਲੈਣ-ਦੇਣ ਹੋਣ ਦੇ ਸਬੂਤ ਵੀ ਮਿਲੇ ਹਨ, ਜੋ ਇੱਕ ਵੱਡੇ ਭ੍ਰਿਸ਼ਟਾਚਾਰ ਦੇ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ।
ਦੱਸਣਾ ਬਣਦਾ ਹੈ ਕਿ ਕ੍ਰਿਸ਼ਨੂ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਨਾਂ ‘ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ‘ਤੇ ਮਾਰੇ ਗਏ ਛਾਪੇ ਦੌਰਾਨ ਸੀ.ਬੀ.ਆਈ. ਨੇ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਰੋਲੈਕਸ ਤੇ ਰਾਡੋ ਸਮੇਤ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ ‘ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ।