#PUNJAB

ਡੀ.ਐੱਸ.ਜੀ.ਪੀ.ਸੀ. ਮੈਂਬਰਾਂ ਦੇ ਭਾਜਪਾ ‘ਚ ਸ਼ਾਮਲ ਹੋਣ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸਤ ਭਖੀ

– ਐੱਸ.ਜੀ.ਪੀ.ਸੀ. ਨੇ ਸਖਤ ਇਤਰਾਜ਼ ਪ੍ਰਗਟਾਇਆ
– ਕਿਹਾ; ਰਾਜਨੀਤੀ ਕਰਨੀ ਹੈ, ਤਾਂ ਮੈਂਬਰਸ਼ਿਪ ਤੋਂ ਤੁਰੰਤ ਦਿਓ ਅਸਤੀਫ਼ਾ
ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6 ਮੌਜੂਦਾ ਮੈਂਬਰਾਂ ਅਤੇ ਇਕ ਸਾਬਕਾ ਮੈਂਬਰ ਸਮੇਤ ਵੱਡੀ ਗਿਣਤੀ ‘ਚ ਸਿੱਖਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤਕ ਸਿਆਸਤ ਭਖ ਗਈ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਉਸ ਨੇ ਨਾਲ ਹੀ ਕਿਹਾ ਕਿ ਜੇਕਰ ਸਿੱਖ ਸੰਗਠਨ ਦੇ ਮੈਂਬਰ ਭਾਜਪਾ ‘ਚ ਸ਼ਾਮਲ ਹੋ ਕੇ ਰਾਜਨੀਤੀ ਕਰਨਾ ਚਾਹੁੰਦੇ ਹਨ, ਤਾਂ ਉਹ ਡੀ.ਐੱਸ.ਜੀ.ਪੀ.ਸੀ. ਵਿਚ ਆਪਣੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇ ਦੇਣ।
ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੂਜੇ ਧਰਮਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ‘ਤੇ ਦਖਲ ਦੇਣ ਦੀ ਭਾਜਪਾ ਦੀ ਇਹ ਨੀਤੀ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀ ਦੇ ਮੈਂਬਰਾਂ ਦੀ ਚੋਣ ਸੰਗਤ ਵੱਲੋਂ ਇਸ ਵਿਸ਼ਵਾਸ ਨਾਲ ਕੀਤੀ ਜਾਂਦੀ ਹੈ ਕਿ ਉਹ ਧਾਰਮਿਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਕੰਮ ਕਰਨਗੇ।
ਪਰ ਜਦੋਂ ਗੁਰਦੁਆਰਿਆਂ ਦੇ ਪ੍ਰਬੰਧ ਲਈ ਚੁਣੇ ਗਏ ਮੈਂਬਰ ਸਿੱਖ ਵਿਰੋਧੀ ਵਿਚਾਰਧਾਰਾ ਵਾਲੀ ਪਾਰਟੀ ਵਿਚ ਸ਼ਾਮਲ ਹੋਣ ਲਈ ਅੱਗੇ ਵਧਦੇ ਹਨ, ਇਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿੱਖ ਮਸਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਦੇ ਰਾਹ ਪਈ ਹੋਈ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ।