ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾਇਆ ਗਿਆ ਹੈ। ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਅਤੇ ਰਹਿਤ ਮਰਿਆਦਾ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਬਸੰਤੀ ਰੰਗ ਦਾ ਚੋਲਾ ਚੜ੍ਹਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਆਉਂਦੇ ਸਾਰੇ ਗੁਰਧਾਮਾਂ ’ਤੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਮੀਤ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਹੈ ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।