#PUNJAB

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ Act ‘ਚ ਸੋਧ ਦਾ ਵਿਰੋਧ

-ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ; ਮੁਲਾਕਾਤ ਲਈ ਸਮਾਂ ਮੰਗਿਆ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ‘ਚ ਤਬਦੀਲੀ ਕਰਦਿਆਂ ਬੋਰਡ ‘ਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫ਼ੈਸਲੇ ਦਾ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਇਸ ਸਬੰਧੀ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਐਕਟ 1956 ਵਿਚ ਮਹਾਰਾਸ਼ਟਰ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਸੋਧ ਨੇ ਬੋਰਡ ਦੇ ਕੁੱਲ 17 ਮੈਂਬਰਾਂ ‘ਚੋਂ 12 ਮੈਂਬਰਾਂ ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਇਸ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਹੈ ਜਦਕਿ ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਬੋਰਡ ਦੇ ਮੈਂਬਰ ਬਣਦੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿਚ ਇਸ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਗਿਆ ਹੈ। ਚੀਮਾ ਨੇ ਐਕਸ ‘ਤੇ ਪੋਸਟ ਰਾਹੀਂ ਮਹਾਰਾਸ਼ਟਰ ਸਰਕਾਰ ਦੇ ਉਕਤ ਫ਼ੈਸਲੇ ‘ਤੇ ਇਤਰਾਜ਼ ਜਤਾਇਆ ਅਤੇ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ, ”ਇਹ ਸਿੱਖ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਮਹਾਰਾਸ਼ਟਰ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ।”
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਦੇ ਢਾਂਚੇ ‘ਚ ਛੇੜਛਾੜ ਸਿੱਖ ਗੁਰਧਾਮਾਂ ‘ਤੇ ਕਬਜ਼ਾ ਕਰਨ ਦੀ ਕਾਰਵਾਈ ਹੈ, ਜਿਸ ਖਿਲਾਫ਼ ਸਿੱਖ ਜਗਤ ਅੰਦਰ ਵੱਡੇ ਰੋਸ ਦੀ ਲਹਿਰ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ‘ਚ ਮਨਮਰਜ਼ੀ ਨਾਲ ਸੋਧ ਕਰਨ ਨੂੰ ਸਿੱਖ ਧਰਮ ‘ਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਆਪਣੇ ਗੁਰਧਾਮਾਂ ਦੇ ਪ੍ਰਬੰਧਾਂ ‘ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰ ਸਕਦਾ। ਜਥੇਦਾਰ ਨੇ ਕਿਹਾ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਕਤ ਮਾਮਲੇ ਸਬੰਧੀ ਮਹਾਰਾਸ਼ਟਰ ਸਰਕਾਰ ਨਾਲ ਗੱਲਬਾਤ ਕਰਕੇ ਸਿੱਖ ਵਿਰੋਧੀ ਫ਼ੈਸਲਾ ਵਾਪਸ ਕਰਵਾਉਣ ਦੀ ਚਾਰਾਜੋਈ ਕਰੇ