ਭਾਜਪਾ ਦਾ ਇਸ ਦੌਰੇ ਨਾਲ ਕੋਈ ਲੈਣਾ-ਦੇਣਾ ਨਹੀਂ: ਢਿੱਲੋਂ
ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਸਿੱਖ ਵਿਰੋਧੀ ਦੰਗਿਆ ਦੇ ਮਾਮਲਿਆਂ ਵਿਚ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਸ ਦੇ ਘਰ ਜਾ ਕੇ ਨਿੱਜੀ ਤੌਰ ‘ਤੇ ਅਫਸੋਸ ਪ੍ਰਗਟ ਕਰਨ ਵਾਲੇ ਤਿੰਨ ਭਾਜਪਾ ਸੰਸਦ ਮੈਂਬਰਾਂ ਦੀ ਇਸ ਫੇਰੀ ਨੂੰ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਭਾਜਪਾ ਦਾ ਇਸ ਦੌਰੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪੰਜਾਬ ਭਾਜਪਾ ਇਸ ਘਟਨਾ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਉਹੀ ਵਿਅਕਤੀ ਹੈ, ਜਿਸ ਨੂੰ 1984 ਵਿਚ ਬੇਕਸੂਰ ਸਿੱਖਾਂ ਦੇ ਕਤਲ ਨਾਲ ਜੁੜੇ ਗੰਭੀਰ ਦੋਸ਼ਾਂ ਤਹਿਤ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਪ੍ਰਤੀ ਕਿਸੇ ਵੀ ਕਿਸਮ ਦੀ ਹਮਦਰਦੀ ਪ੍ਰਗਟ ਕਰਨਾ ਹਜ਼ਾਰਾਂ ਪੀੜਤ ਪਰਿਵਾਰਾਂ, ਜਿਨ੍ਹਾਂ ਨੇ ਕਤਲੇਆਮ ਵਿਚ ਆਪਣੇ ਜੀਆਂ ਨੂੰ ਗੁਆ ਦਿੱਤਾ ਸੀ, ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਬਰਾਬਰ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਕੌਮੀ ਪ੍ਰਧਾਨ ਨੇ ਇਸ ਫੇਰੀ ਉੱਤੇ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਖ਼ਤ ਫਟਕਾਰ ਲਗਾਈ।
ਕੇਵਲ ਢਿੱਲੋਂ ਨੇ ਅਜਿਹਾ ਫੌਰੀ ਅਤੇ ਸਖ਼ਤ ਰੁਖ ਅਪਣਾਉਣ ਲਈ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਨੇ 35 ਸਾਲਾਂ ਤੱਕ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਸਰਪ੍ਰਸਤੀ ਦੇਣ ਦੀ ਨੀਤੀ ਅਪਣਾਈ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ.) ਦਾ ਗਠਨ ਕੀਤਾ, ਜਿਸ ਨਾਲ ਦੋਸ਼ੀਆਂ ਨੂੰ ਦਹਾਕਿਆਂ ਬਾਅਦ ਜੇਲ੍ਹ ਭੇਜਿਆ ਗਿਆ ਅਤੇ ਇਨਸਾਫ਼ ਦਾ ਰਾਹ ਖੁੱਲ੍ਹਿਆ।
ਸੂਬਾ ਪ੍ਰਧਾਨ ਨੇ ਦੁਹਰਾਇਆ ਕਿ ਪੰਜਾਬ ਭਾਜਪਾ ਹਮੇਸ਼ਾ 1984 ਦੇ ਪੀੜਤਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਖੜ੍ਹੀ ਰਹੇਗੀ। ਢਿੱਲੋਂ ਨੇ ਕਿਹਾ, ”ਸਾਡੀ ਹਮਦਰਦੀ ਅਤੇ ਦਇਆ ਸਿਰਫ਼ ਉਨ੍ਹਾਂ ਪਰਿਵਾਰਾਂ ਲਈ ਹੈ, ਜੋ ਉਸ ਦੁਖਾਂਤ ਦੇ ਸਦਮੇ ਤੋਂ ਪੀੜਤ ਹਨ। ਸਾਡੀ ਨੀਤੀ ਵਿਚ ਦੋਸ਼ੀਆਂ ਲਈ ਕੋਈ ਜਗ੍ਹਾ ਨਹੀਂ ਹੈ।”
ਦਿੱਲੀ ਦੇ 3 ਸੰਸਦ ਮੈਂਬਰਾਂ ਦਾ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ; ਪੰਜਾਬ ਭਾਜਪਾ ਪ੍ਰਧਾਨ ਵੱਲੋਂ ਸਖ਼ਤ ਨਿਖੇਧੀ

