-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਮੇਲ)- ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਏ ਗਏ ਇਕੱਠ ਤੋਂ ਪਹਿਲਾਂ, ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੱਡੀ ਮੰਗ ਚੁੱਕੀ ਹੈ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ ਜ਼ਬਰਦਸਤੀ ਗਾਇਬ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਨਿਰਪੱਖ ‘ਪੀਪਲਜ਼ ਕਮਿਸ਼ਨ’ (ਲੋਕ ਕਮਿਸ਼ਨ) ਦਾ ਗਠਨ ਕੀਤਾ ਜਾਵੇ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿਚ ਬੀਬੀ ਖਾਲੜਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ 1980 ਅਤੇ 1990 ਦੇ ਦਹਾਕਿਆਂ ਦੌਰਾਨ ਹੋਈਆਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਦਾ ਸੱਚ ਸਾਹਮਣੇ ਲਿਆਉਣ ਲਈ ਇਸ ਨਿਰਪੱਖ ਮੁਹਿੰਮ ਦੀ ਅਗਵਾਈ ਕਰਨ। ਉਨ੍ਹਾਂ ਜੂਨ 1984 ਦੇ ਦਰਬਾਰ ਸਾਹਿਬ ‘ਤੇ ਹੋਏ ਫ਼ੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਦੇ ਸਾਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਜ਼ਾਰਾਂ ਲਾਵਾਰਿਸ ਲਾਸ਼ਾਂ, ਤਸ਼ੱਦਦ ਅਤੇ ਝੂਠੇ ਮੁਕਾਬਲਿਆਂ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਅਤੇ ਜਵਾਬਦੇਹੀ ਦੀ ਉਡੀਕ ਕਰ ਰਹੇ ਹਨ।
ਬੀਬੀ ਖਾਲੜਾ ਨੇ ਪੰਜਾਬ ਅਤੇ ਕੇਂਦਰ ਦੀਆਂ ਸਾਬਕਾ ਤੇ ਮੌਜੂਦਾ ਸਰਕਾਰਾਂ ‘ਤੇ ਪੀੜਤਾਂ ਨੂੰ ਇਨਸਾਫ਼ ਦੇਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹਿਣ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਉਸ ਦੌਰ ਵਿਚ ਹੋਏ ਜ਼ੁਲਮਾਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਵੀ ਕਟਹਿਰੇ ਵਿਚ ਖੜ੍ਹਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਜਵਾਬਦੇਹੀ ਤੈਅ ਕਰਨ ਦੀ ਬਜਾਏ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਸਰਕਾਰੀ ਅਹੁਦੇ ਅਤੇ ਸੁਰੱਖਿਆ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਵੀ ਵਿਦੇਸ਼ਾਂ ਵਿਚ ਹੋ ਰਹੇ ਸਿੱਖਾਂ ਦੇ ਕਥਿਤ ਟਾਰਗੇਟ ਕਿਲਿੰਗ ਦੇ ਮੁੱਦੇ ‘ਤੇ ਘੇਰਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਰੱਖੀਆਂ ਮੰਗਾਂ ਵਿਚ ਬੀਬੀ ਖਾਲੜਾ ਨੇ ਮੰਗ ਕੀਤੀ ਕਿ 80-90 ਦੇ ਦਹਾਕੇ ਦੇ ਪੀੜਤਾਂ ਦੀ ਅਸਲ ਗਿਣਤੀ ਦਾ ਪਤਾ ਲਾਉਣ ਲਈ ਕਮਿਸ਼ਨ ਬਣਾਇਆ ਜਾਵੇ। ਇਸ ਦੇ ਨਾਲ ਹੀ ਜਸਵੰਤ ਸਿੰਘ ਖਾਲੜਾ ਦੀ ਮਿਹਨਤ ਸਦਕਾ ਪਛਾਣੇ ਗਏ ਅਣਪਛਾਤੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ (ਅੰਮ੍ਰਿਤਸਰ) ਵਿਚ ਲਾਈਆਂ ਜਾਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ।
ਬੀਬੀ ਪਰਮਜੀਤ ਕੌਰ ਖਾਲੜਾ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਵਿਅਕਤੀ ਜਵਾਬਦੇਹੀ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਪੀੜਤਾਂ ਦੇ ਦਰਦ ਅਤੇ ਇਸ ‘ਤੀਜੇ ਘੱਲੂਘਾਰੇ’ ਨੂੰ ਸਿਆਸੀ ਲਾਹੇ ਲਈ ਨਾ ਵਰਤਿਆ ਜਾਵੇ, ਸਗੋਂ ਪੂਰੇ ਸਿਸਟਮ ਨੂੰ ਜਨਤਾ ਦੀ ਕਟਹਿਰੇ ਵਿਚ ਖੜ੍ਹਾ ਕਰਕੇ ਇਨਸਾਫ਼ ਯਕੀਨੀ ਬਣਾਇਆ ਜਾਵੇ।
ਪਰਮਜੀਤ ਕੌਰ ਖਾਲੜਾ ਵੱਲੋਂ 80-90ਵੇਂ ਦੇ ਦਹਾਕੇ ਦੇ ਲਾਪਤਾ ਲੋਕਾਂ ਤੇ ਝੂਠੇ ਮੁਕਾਬਲਿਆਂ ਦੀ ਜਾਂਚ ਲਈ ‘ਪੀਪਲਜ਼ ਕਮਿਸ਼ਨ’ ਬਣਾਉਣ ਦੀ ਮੰਗ

