#PUNJAB

ਪਾਕਿਸਤਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਪ੍ਰਤੀ ਸੰਜੀਦਾ ਹੋਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਬੀਤੇ ਦਿਨੀਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਪੱਧਰ ‘ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਅੱਗੇ ਸਖ਼ਤ ਇਤਰਾਜ਼ ਦਾ ਪ੍ਰਗਟਾਵਾ ਕਰਨ। ਇਸ ਦੌਰਾਨ ਕਈ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਵੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਬਾਅਦ ਦੁਪਹਿਰ ਪਾਕਿਸਤਾਨ ਦੇ ਸੂਬਾ ਖੈਬਰ ਪਖ਼ਤੂਨਖਵਾ ਦੇ ਸ਼ਹਿਰ ਪਿਸ਼ਾਵਰ ਨੇੜੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦਿਆਲ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਵੀ ਹਿੰਦੂ ਭਾਈਚਾਰੇ ਨਾਲ ਸਬੰਧਤ ਇੱਕ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਬਾਰੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Leave a comment