#PUNJAB

‘ਪੁਰਾਣੀ ਪੈਨਸ਼ਨ’ ਦੀ ਮੰਗ ਨੂੰ ਲੈਕੇ ਗਏ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਧੱਕਾਮੁੱਕੀ ਅਤੇ ਖਿੱਚ ਧੂਹ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ ਪੰਜਾਬ ਸਰਕਾਰ: ਪੀ.ਪੀ.ਪੀ.ਐੱਫ
ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ ਤਾਂ ਆਪ ਸਰਕਾਰ ਨੂੰ ਦੇਣੀ ਪਵੇਗੀ ਸਿਆਸੀ ਕੀਮਤ
ਕੈਬਨਿਟ ਸਬ ਕਮੇਟੀ ਨਾਲ 22 ਨਵੰਬਰ ਨੂੰ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਧਰਨਾਕਾਰੀ
ਸੰਗਰੂਰ, 20 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ‘ਪੁਰਾਣੀ ਪੈਨਸ਼ਨ’ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਗਏ ਮੁੱਖ ਮੰਤਰੀ ਦੇ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਬਰਦਸਤ ਖਿੱਚ ਧੂਹ ਅਤੇ ਧੱਕਾਮੁੱਕੀ ਕੀਤੀ ਗਈ ਜਿਸ ਦੌਰਾਨ ਕਈ ਮੁਲਾਜ਼ਮਾਂ ਦੇ ਅੰਦਰੂਨੀ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀ ਗਈਆਂ। ਅੱਜ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਸੂਬਾ ਪੱਧਰੀ “ਪੈਨਸ਼ਨ ਪ੍ਰਾਪਤੀ ਰੈਲੀ” ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਅਤੇ ਜਦੋਂ ਮੁਲਾਜ਼ਮ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਪਹੁੰਚੇ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਤਿੱਖੀ ਖਿੱਚਧੂਹ ਅਤੇ ਧੱਕਾਮੁੱਕੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਤਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 22 ਨਵੰਬਰ ਨੂੰ ਮੀਟਿੰਗ ਤੈਅ ਕਰਵਾਈ ਜਿਸ ਤੋਂ ਬਾਅਦ ਧਰਨਾਕਾਰੀ ਸ਼ਾਂਤ ਹੋਏ ਅਤੇ ਉਨ੍ਹਾਂ ਆਪਣਾ ਧਰਨਾ ਖ਼ਤਮ ਕਰ ਦਿੱਤਾ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰਕੇ ਪਿਛਲੇ ਸਾਲ ਨਵੰਬਰ ਵਿੱਚ ਜਾਰੀ ਕੀਤੇ ‘ਕਾਗਜ਼ੀ ਨੋਟੀਫਿਕੇਸ਼ਨ’ ਮਗਰੋਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਮੁੱਦਾ ਜਿਉਂ ਦਾ ਤਿਉਂ ਲਟਕਿਆ ਹੋਇਆ ਹੈ। ਪਰ ਆਪ ਸਰਕਾਰ ਗੰਭੀਰਤਾ ਨਾਲ਼ ਪੈਨਸ਼ਨ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਬਿਆਨਾਂ ਅਤੇ ਕਮੇਟੀਆਂ ਰਾਹੀਂ ਕੇਵਲ ਸਮਾਂ ਟਪਾ ਰਹੀ ਹੈ।