#OTHERS

ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

-ਨਗਰ ਕੀਰਤਨ ਦੇ ਸਤਿਕਾਰ ਤੇ ਸਵਾਗਤ ਲਈ ਵਿਛਾਇਆ ‘ਰੈੱਡ ਕਾਰਪੈਟ’
ਨਨਕਾਣਾ ਸਾਹਿਬ (ਪਾਕਿਸਤਾਨ), 6 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਅਸਥਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਕਿਸਤਾਨ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ-ਛਾਇਆ ਹੇਠ ਦੁਪਹਿਰ 12 ਵਜੇ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਪਾਕਿਸਤਾਨ ਅਤੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਯੂ.ਕੇ., ਅਮਰੀਕਾ, ਕੈਨੇਡਾ, ਸਵਿਟਜ਼ਰਲੈਂਡ, ਮਲੇਸ਼ੀਆ ਸਮੇਤ ਵੱਖ-ਵੱਖ ਮੁਲਕਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੇ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਬਿਰਾਜਮਾਨ ਕੀਤੇ ਗਏ। ਨਗਰ ਕੀਰਤਨ ਦੇ ਅੱਗੇ ਸ਼ਬਦ ਗਾਇਨ ਕਰਦਾ ਹੋਇਆ ਬੀਬੀਆਂ ਦਾ ਜਥਾ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਵਿਖਿਆਨ ਕਰਦਾ ਹੋਇਆ ਚੱਲ ਰਿਹਾ ਸੀ। ਹਰ ਪਾਸੇ ਬੋਲੇ ਸੋ ਨਿਹਾਲ ਦੇ ਜੈਕਾਰੇ ਲੱਗ ਰਹੇ ਸਨ ਅਤੇ ਸੰਗਤ ਵਲੋਂ ਪਾਲਕੀ ਸਾਹਿਬ ਵਾਲੀ ਬੱਸ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਤੋਂ ਆਰੰਭ ਹੋ ਕੇ ਸ੍ਰੀ ਨਨਕਾਣਾ ਸਾਹਿਬ ਸ਼ਹਿਰ ਦੇ ਮੁੱਖ ਬਾਜ਼ਾਰ, ਜਿੱਥੇ ਕਿ ਸ਼ਰਧਾਲੂਆਂ ਅਤੇ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਵੱਲੋਂ ਦੋ ਕਿੱਲੋਮੀਟਰ ਦੇ ਕਰੀਬ ਰੈੱਡ ਕਾਰਪੈਟ ਸਵਾਗਤ ਲਈ ਵਿਛਾਇਆ ਹੋਇਆ ਸੀ, ਉੱਪਰੋਂ ਲੰਘਦਾ ਹੋਇਆ ਅਤੇ ਨਨਕਾਣਾ ਸਾਹਿਬ ਵਿਖੇ ਹੀ ਸਥਿਤ ਗੁਰਦੁਆਰਾ ਪੰਜਵੀਂ ਤੇ ਛੇਵੇਂ ਪਾਤਿਸ਼ਾਹੀ, ਗੁਰਦੁਆਰਾ ਸ੍ਰੀ ਤੰਬੂ ਸਾਹਿਬ, ਗੁਰਦੁਆਰਾ ਸ੍ਰੀ ਮਾਲਜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਿਆਰਾ ਸਾਹਿਬ ਦੀ ਪਰਿਕਰਮਾ ਕਰਦਾ ਹੋਇਆ ਕਰੀਬ ਸਾਢੇ ਤਿੰਨ ਘੰਟੇ ਬਾਅਦ ਮੁੜ ਗੁਰਦੁਆਰਾ ਜਨਮ ਅਸਥਾਨ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਨਗਰ ਕੀਰਤਨ ਦਾ ਨਨਕਾਣਾ ਸਾਹਿਬ ਦੇ ਵਾਸੀ ਸਿੱਖ ਅਤੇ ਮੁਸਲਮਾਨ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ, ਜਥੇਦਾਰ ਗੜਗੱਜ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਸ਼ਰਧਾਲੂਆਂ ਨੂੰ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਵਰਤਾਏ ਗਏ।
ਗੁਰਦੁਆਰਾ ਜਨਮ ਅਸਥਾਨ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਮਹੇਸ਼ ਸਿੰਘ ਸਿੰਧੀ ਕਾਸ਼ਮੋਰ, ਜਨਰਲ ਸਕੱਤਰ ਬੀਬੀ ਸਤਵੰਤ ਕੌਰ ਸਮੇਤ ਹੋਰ ਗੁਰਦੁਆਰਾ ਕਮੇਟੀ ਮੈਂਬਰ ਤੇ ਸੀਨੀਅਰ ਪ੍ਰਸ਼ਾਸਨਿਕ ਅਤੇ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ।