ਆਪ੍ਰੇਸ਼ਨ ‘ਸਿੰਧੂਰ’ ਮਗਰੋਂ ਪਹਿਲੀ ਵਾਰ 4 ਨਵੰਬਰ ਨੂੰ ਜਾਵੇਗਾ ਜਥਾ
ਅੰਮ੍ਰਿਤਸਰ, 30 ਅਕਤਬੂਰ (ਪੰਜਾਬ ਮੇਲ)-ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਚ ਮਨਾਉਣ ਲਈ 4 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1796 ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ ਸਰਹੱਦੀ ਲਾਂਘੇ ਤੋਂ ਸੜਕ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ।
ਦੱਸਣਯੋਗ ਹੈ ਕਿ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਜਥਾ ਪਹਿਲੀ ਵਾਰ ਪਾਕਿਸਤਾਨ ਜਾ ਰਿਹਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਵੱਲੋਂ ਆਪ੍ਰੇਸ਼ਨ ‘ਸਿੰਧੂਰ’ ਰਾਹੀਂ ਪਾਕਿਸਤਾਨ ਖ਼ਿਲਾਫ਼ ਫ਼ੌਜੀ ਕਾਰਵਾਈ ਕਰਨ ਅਤੇ ਗੁਆਂਢੀ ਮੁਲਕ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸੰਬੰਧਾਂ ‘ਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ ਪਾਕਿਸਤਾਨ ਨਾਲੋਂ ਆਪਣੇ ਸਾਰੇ ਸੰਬੰਧ ਤੋੜ ਲਏ ਸਨ। ਹਵਾਈ, ਸੜਕ ਮਾਰਗ ਤੇ ਰੇਲ ਮਾਰਗ ਵੀ ਬੰਦ ਕਰ ਦਿੱਤੇ ਗਏ ਸਨ ਜੋ ਹੁਣ ਤੱਕ ਬੰਦ ਹਨ ਅਤੇ ਇਸੇ ਦੌਰਾਨ ਹੀ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲੀ ਹੈ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਸ ਵਾਰ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੈਣ ਲਈ ਪਾਕਿਸਤਾਨੀ ਦੂਤਘਰ ਨੂੰ ਭੇਜੇ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗ ਗਏ ਹਨ, ਉਹ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਅਟਾਰੀ-ਵਾਹਗਾ ਬਾਰਡਰ ਰਾਹੀਂ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਜਾਵੇਗਾ। ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ‘ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ‘ਚ ਸ਼ਾਮਲ ਹੋਵੇਗਾ ਤੇ ਉਸ ਮਗਰੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿਹੜੇ ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਸਨ, ਉਨ੍ਹਾਂ ਨੂੰ ਵੀ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਵੀਜ਼ੇ ਮਿਲੇ ਹਨ।
ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਲਈ 1796 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ

