#PUNJAB

ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ: ਸੁਖਬੀਰ ਬਾਦਲ ਵੱਲੋਂ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਰਸੀ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ। ਜਾਖੜ ਨੇ ਆਪਣੇ ਸੰਬੋਧਨ ਵਿਚ ਬਾਦਲ ਨੂੰ ਆਪਣਾ ਸਿਆਸੀ ਗੁਰੂ ਦੱਸਿਆ। ਉਂਜ ਸਮਾਗਮ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ। ਸਾਰੇ ਆਗੂਆਂ ਨੇ ਬਾਦਲ ਨੂੰ ਕਿਸਾਨ ਹੱਕਾਂ ਦਾ ਹਮਾਇਤੀ ਦੱਸਿਆ। ਕੁਝ ਸਿਆਸਤਦਾਨਾਂ ਨੇ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕੀਤੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਰਣਜੀਤ ਚੌਟਾਲਾ ਵੀ ਮੌਜੂਦ ਸਨ। ਬਰਸੀ ਸਮਾਗਮ ਵਿਚ ਧਾਰਮਿਕ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸ੍ਰੀ ਬਾਦਲ ਦਾ ਪਿਛਲੇ ਸਾਲ 25 ਅਪਰੈਲ ਨੂੰ ਲੰਮਾ ਸਮਾਂ ਬਿਮਾਰ ਰਹਿਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ।