ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਪੰਜਾਬ ਮੇਲ)- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਮੰਨਦੀ ਹੈ, ਇਸੇ ਕਾਰਣ ਕਾਂਗਰਸ ਵੱਲੋਂ ਮਾਘੀ ਦੇ ਮੌਕੇ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਕਾਨਫਰੰਸ ਨਹੀਂ ਕੀਤੀ ਜਾ ਰਹੀ। ਭੁਪੇਸ਼ ਬਘੇਲ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੰਜਾਬ ‘ਚ ਬਿਨਾਂ ਕਿਸੇ ਮੁੱਖ ਮੰਤਰੀ ਦੇ ਚਿਹਰੇ ਦੇ ਮੈਦਾਨ ਵਿਚ ਉਤਰੇਗੀ। ਉਨ੍ਹਾਂ ਮੰਨਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਗਲਤੀਆਂ ਹੋਈਆਂ, ਜਿਸ ਕਰਕੇ ਲੋਕਾਂ ਨੇ ਉਸ ਸਮੇਂ ਪਾਰਟੀ ਦਾ ਸਾਥ ਨਹੀਂ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਵੱਡਾ ਸਮਰਥਨ ਦਿੱਤਾ, ਜੋ ਇਹ ਸਾਬਤ ਕਰਦਾ ਹੈ ਕਿ ਲੋਕ ਅਜੇ ਵੀ ਕਾਂਗਰਸ ਨਾਲ ਜੁੜੇ ਹੋਏ ਹਨ। ਬਘੇਲ ਨੇ ਕਿਹਾ ਕਿ ਪਾਰਟੀ ਪਿਛਲੀਆਂ ਗਲਤੀਆਂ ਤੋਂ ਸਿੱਖ ਲੈ ਕੇ ਆਉਣ ਵਾਲੇ ਸਮੇਂ ‘ਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕਦੀ ਰਹੇਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਪੰਜਾਬ ਕਾਂਗਰਸ 2027 ਵਿਧਾਨ ਸਭਾ ਚੋਣਾਂ ‘ਚ ਬਿਨਾਂ ਕਿਸੇ ਮੁੱਖ ਮੰਤਰੀ ਦੇ ਚਿਹਰੇ ਦੇ ਉਤਰੇਗੀ ਮੈਦਾਨ ‘ਚ

