#PUNJAB

ਪੰਜਾਬ ਕਿਸਾਨ ਦਲ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਰਾਜਨੀਤਿਕ ਪਾਰਟੀ ਪੰਜਾਬ ਕਿਸਾਨ ਦਲ ਨੇ ਪੰਜਾਬ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ-37 ਵਿਖੇ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿਚ ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾ ਨੇ ਕਿਹਾ ਕਿ ਭਾਜਪਾ ਦੀਆਂ ਕਿਸਾਨ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਣ ਕਾਰਨ ਉਹ ਆਪਣੇ ਪੂਰੇ ਸੰਗਠਨ ਨਾਲ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਭਾਜਪਾ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਕੇਂਦਰ ਸਰਕਾਰ ਵਿਚ ਮੰਤਰੀ ਸੋਮ ਪ੍ਰਕਾਸ਼ ਤੇ ਹੋਰਨਾਂ ਆਗੂਆਂ ਨੇ ਪੰਜਾਬ ਕਿਸਾਨ ਦਲ ਦੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸ਼੍ਰੀ ਸਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨ ਦਾ ਜੀਵਨ ਪੱਧਰ ਸੁਧਾਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਿਲੀਭੁਗਤ ਨਾਲ ਮੋਦੀ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।