ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਜਿਨ੍ਹਾਂ ਚਾਰਾਂ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦੋਂ ਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ। ਚੋਣਾਂ ਦਾ ਐਲਾਨ ਹੁੰਦਿਆਂ ਹੀ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਚੋਣ ਹੋਣੀ ਹੈ ਅਤੇ 23 ਨਵੰਬਰ ਨੂੰ ਨਤੀਜੇ ਸਾਹਮਣੇ ਆਉਣਗੇ।