ਫਗਵਾੜਾ/ਹੁਸ਼ਿਆਰਪੁਰ, 16 ਨਵੰਬਰ (ਪੰਜਾਬ ਮੇਲ)- ਪੰਜਾਬ ਵਿਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਫਗਵਾੜਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਬੱਚੇ ਸਮੇਤ ਤਿੰਨ ਜੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ ਨੇੜੇ ਪਿੰਡ ਜਗਜੀਤਪੁਰ ਵਿਖੇ ਇਕ ਬੱਸ ਅਤੇ ਰੇੜੇ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਮੋਟਰਸਾਈਕਲ ਵਾਲੇ ਰੇੜੇ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋਂ ਉਹ ਜਗਜੀਤਪੁਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਬੱਸ ਦੀ ਉਨ੍ਹਾਂ ਨਾਲ ਸਿੱਧੀ ਟੱਕਰ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਰਾਮਪਾਲ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਜਦੋਂ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਵਾਲੇ ਰੇੜੇ ‘ਤੇ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਉਧਰ ਇਸ ਸਾਰੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਸਮੇਤ ਪੁਲਸ ਪਾਰਟੀ ਮੌਕੇ ‘ਤੇ ਪੁੱਜੇ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ।