#PUNJAB

ਪੰਜਾਬ ‘ਚ ਸਥਾਨਕ ਚੋਣਾਂ ਦਾ 26 ਮਈ ਨੂੰ!

-8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਲਈ ਪੈਣਗੀਆਂ ਵੋਟਾਂ
ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਪੰਜਾਬ ਵਿਚ ਸਥਾਨਕ ਚੋਣਾਂ ਦਾ ਬਿਗਲ ਵੱਜ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ, ਜਦੋਂ ਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਥਾਨਕ ਚੋਣਾਂ ਲਈ ਨਾਮਜ਼ਦਗੀਆਂ 13 ਤੋਂ 16 ਮਈ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਦੋਂ ਕਿ ਵੋਟਾਂ 26 ਮਈ ਨੂੰ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਲਈ ਵੀ ਰਣਨੀਤੀ ਤਿਆਰ ਕਰ ਲਈ ਹੈ।
ਪੰਜਾਬ ਵਿਚ ਸਥਾਨਕ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿਆਰੀਆਂ ਵਿੱਢ ਦਿੱਤੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਮੀਟਿੰਗਾਂ ਕਰਕੇ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਸਥਾਨਕ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮੇਂ ਪਹਿਲਾਂ ਹੋਣ ਜਾ ਰਹੀਆਂ ਹਨ, ਇਸ ਲਈ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਨੂੰ ਮਜ਼ਬੂਤੀ ਨਾਲ ਲੜਿਆ ਜਾਵੇਗਾ, ਕਿਉਂਕਿ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀਆਂ ਸਥਾਨਕ ਚੋਣਾਂ ਆਗਾਮੀ ਵਿਧਾਨ ਸਭਾ ਚੋਣਾਂ ‘ਤੇ ਜ਼ਰੂਰ ਅਸਰ ਪਾਉਂਦੀਆਂ ਹਨ।