ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਵਿਚ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਅੱਜ ਲੋਕਾਂ ਨੂੰ ਕੁਝ ਰਾਹਤ ਮਿਲੀ ਪਰ ਕਈ ਹਿੱਸਿਆਂ ‘ਚ ਤਬਾਹੀ ਦੇ ਨਿਸ਼ਾਨ ਹਾਲੇ ਵੀ ਬਰਕਰਾਰ ਹੈ। ਕਰੋੜਾਂ ਦੀ ਜਾਇਦਾਦ ਦਾ ਨੁਕਸਾਨ ਹੋਇਆ ਅਤੇ ਨੌਂ ਵਿਅਕਤੀਆਂ ਦੀ ਜਾਨ ਗਈ। ਦੋਵੇਂ ਸੂਬਾ ਸਰਕਾਰਾਂ ਨੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬਚਾਅ ਕਾਰਜ ਜਾਰੀ ਹੈ। ਅੱਜ ਸਵੇਰੇ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ ਰਿਹਾ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਲਗਾਤਾਰ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿਚ ਪਾਣੀ ਘਰਾਂ ਵਿਚ ਵੜ ਗਿਆ ਅਤੇ ਫ਼ਸਲਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ। ਪੰਜਾਬ ‘ਚ ਸਭ ਤੋਂ ਪ੍ਰਭਾਵਿਤ ਰੂਪਨਗਰ ਜ਼ਿਲ੍ਹਾ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰੂਪਨਗਰ, ਪਟਿਆਲਾ, ਮੁਹਾਲੀ, ਅੰਬਾਲਾ ਅਤੇ ਪੰਚਕੂਲਾ ਸਮੇਤ ਦੋਵਾਂ ਰਾਜਾਂ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।