#PUNJAB

ਪੰਜਾਬ ਦੇ ਮੁੱਖ ਮੰਤਰੀ ਵੱਲੋਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਦੁਆ ਕੇ ਇਤਿਹਾਸ ਦੁਹਰਾਉਣ ਦਾ ਸੱਦਾ

ਅੰਮ੍ਰਿਤਸਰ/ਲੁਧਿਆਣਾ, 4 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਅੰਮ੍ਰਿਤਸਰ ਤੇ ਲੁਧਿਆਣਾ ਵਿਚ ਵਪਾਰੀਆਂ ਨਾਲ ਮੁਲਾਕਾਤ ਕੀਤੀ ਤੇ ਵਪਾਰੀਆਂ ਨੂੰ ਕਈ ਰਾਹਤਾਂ ਦੇਣ ਦਾ ਐਲਾਨ ਕਰਦਿਆਂ ਦੱਸਿਆ ਕਿ ਵੈਟ ਦੀ ਓ.ਟੀ.ਐੱਸ. ਸਾਲ 2016-17 ਤੋਂ ਲਾਗੂ ਰਹੇਗੀ ਤੇ ਅਸੈਸਮੈਂਟ ਮਗਰੋਂ ਆਏ ਸੀ.ਐੱਫ.ਐੱਚ. ਫਾਰਮ ਵੀ ਯੋਗ ਮੰਨੇ ਜਾਣਗੇ। ਇਸ ਤੋਂ ਇਲਾਵਾ ਦੋ ਕਰੋੜ ਤੱਕ ਦੀ ਟਰਨਓਵਰ ਵਾਲੇ ਕਾਰੋਬਾਰੀਆਂ ਦਾ ਪੰਜ ਲੱਖ ਦਾ ਮੈਡੀਕਲ ਬੀਮਾ ਵੀ ਸੂਬਾ ਸਰਕਾਰ ਕਰਵਾਏਗੀ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਪਲਾਸਟਿਕ ਦੇ ਲਿਫਾਫਿਆਂ ਤੋਂ ਪਾਬੰਦੀ ਹਟਾਉਣ ਸਬੰਧੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਇਸ ਬਾਰੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਿਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਜਿਨ੍ਹਾਂ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੀ ਉਸਾਰੀ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੱਖ ਪੂਰਨ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਤੇ ਇਸ ਤਹਿਤ 2009 ਵਿੱਚ ਈਕੋ ਟੂਰਿਜ਼ਮ ਨੀਤੀ ਲਿਆਂਦੀ ਜਿਸ ਤਹਿਤ ਰਿਜ਼ੋਰਟ ਨਾਲ ਸਬੰਧਤ 108 ਕਰੋੜ ਰੁਪਏ ਟੈਕਸ ਵਜੋਂ ਮੁਆਫ਼ ਕਰ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਕੈਪਟਨ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਦੇ ਸਨ ਪਰ ਉਹ ਚੁੱਪ ਰਹੇ ਕਿਉਂਕਿ ਉਹ ਬਾਦਲਾਂ ਨਾਲ ਮਿਲੇ ਹੋਏ ਸਨ ਸਗੋਂ ਉਨ੍ਹਾਂ ਨੇ ਵੀ ਨਿਯਮਾਂ ਦੀ ਉਲੰਘਣਾ ਕਰ ਕੇ ਸੁੱਖ ਵਿਲਾਸ ਦੇ ਆਲੇ-ਦੁਆਲੇ ਆਪਣਾ ਮਹਿਲ ਉਸਾਰ ਲਿਆ। ਉਨ੍ਹਾਂ ਕਿਹਾ ਕਿ ਦੋ ਸਾਲਾਂ ਦੌਰਾਨ ਪੰਜਾਬ ਵਿੱਚ 65 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਸਬੰਧੀ ਸਮਝੌਤੇ ਕੀਤੇ ਗਏ ਹਨ ਅਤੇ ਹੁਣ ਤੱਕ ਕਈ ਵੱਡੇ ਸਨਅਤੀ ਘਰਾਣਿਆਂ ਵੱਲੋਂ ਅਮਲ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਕਿਹਾ,”ਤੁਸੀਂ ਸਾਨੂੰ 13 ਸੀਟਾਂ ਦਿਓ ਅਸੀਂ ਤੁਹਾਡੇ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਕੰਮ ਕਰਾਂਗੇ।’ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੈਸਾ ਕਮਾਉਣ ਜਾਂ ਸੱਤਾ ਦਾ ਫਲ ਭੋਗਣ ਲਈ ਰਾਜਨੀਤੀ ਵਿੱਚ ਨਹੀਂ ਆਏ ਸਗੋਂ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਕਿ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਉਨ੍ਹਾਂ ਸੂਬੇ ਦੇ ਕਰੀਬ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।