#PUNJAB

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਭਾਜਪਾ ਵਿਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸੇਵਾਵਾਂ ਨਿਭਾ ਰਿਹਾ ਸੀ। ਪਰ ਪਿਛਲੇ ਦਿਨੀਂ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਤਾਂ ਪੰਥਕ ਹੈ ਅਤੇ ਨਾ ਹੀ ਉਸ ਵਿਚ ਅਕਾਲੀਪਣ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਆਪਣੇ ਦਮ ਉੱਤੇ 117 ਦੀਆਂ 117 ਸੀਟਾਂ ਉੱਤੇ ਉਮੀਦਵਾਰ ਉਤਾਰੇਗੀ ਅਤੇ ਸਰਕਾਰ ਬਣਾਉਣ ਵਿਚ ਕਾਮਯਾਬ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਨੂੰ ਕਿਸੇ ਦੇ ਮੋਢਿਆਂ ਦੀ ਲੋੜ ਨਹੀਂ ਹੈ। ਇਸ ਵਾਰ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾ ਕੇ ਰਹੇਗੀ।