ਪੰਜਾਬ ਦੇ ਡੀ.ਜੀ.ਪੀ. ਤੇ ਐੱਸ.ਐੱਸ.ਪੀ. ਮਾਲੇਰਕੋਟਲਾ ਨੂੰ ਲਿਖੀ ਚਿੱਠੀ
ਮਾਲੇਰਕੋਟਲਾ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਜੀ.ਪੀ. ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰੇ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਸਬੰਧੀ ਉਨ੍ਹਾਂ ਐੱਸ.ਐੱਸ.ਪੀ. ਮਾਲੇਰਕੋਟਲਾ ਅਤੇ ਐੱਸ.ਐੱਚ.ਓ. ਥਾਣਾ ਸਿਟੀ-1 ਮਾਲੇਰਕੋਟਲਾ ਸਮੇਤ ਡੀ.ਜੀ.ਪੀ. ਪੰਜਾਬ, ਆਈ.ਜੀ. (ਇੰਟੈਲੀਜੈਂਸ) ਅਤੇ ਡੀ.ਜੀ.ਪੀ. (ਏ.ਐੱਨ.ਟੀ.ਐੱਫ.) ਪੰਜਾਬ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ।
ਆਪਣੀ ਤਿੰਨ ਪੰਨਿਆਂ ਦੀ ਵਿਸਥਾਰਤ ਸ਼ਿਕਾਇਤ ‘ਚ ਸਾਬਕਾ ਡੀ.ਜੀ.ਪੀ. ਨੇ ਮਾਲੇਰਕੋਟਲਾ ਦੇ ਇੱਕ ਵਿਅਕਤੀ ਅਤੇ ਉਸ ਨਾਲ ਕਥਿਤ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਹਿੰਸਾ ਲਈ ਉਕਸਾਉਣ, ਧਮਕੀਆਂ ਦੇਣ, ਮਾਣਹਾਨੀ ਕਰਨ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੀਆਂ ਗਤੀਵਿਧੀਆਂ ਸਮੇਤ ਗੰਭੀਰ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਉਨ੍ਹਾਂ ਮੰਗ ਕੀਤੀ ਕਿ ਪੁਲਿਸ ਹੈੱਡਕੁਆਰਟਰ ਦੇ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾ ਕੇ ਸਾਂਝੀ ਜਾਂਚ ਕਰਵਾਈ ਜਾਵੇ। ਸਾਬਕਾ ਡੀ.ਜੀ.ਪੀ. ਨੇ ਪਿਛਲੇ ਦਿਨੀਂ ਮਾਲੇਰਕੋਟਲਾ ਵਾਸੀ ਇੱਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੇ ਬੇਬੁਨਿਆਦ ਦੋਸ਼ਾਂ ਵਾਲੀ ਵੀਡੀਓ ਦੇ ਕਲਿੱਪ ਵੀ ਪੁਲਿਸ ਅਧਿਕਾਰੀਆਂ ਨੂੰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਜਨਰਲ ਵਜੋਂ ਉਨ੍ਹਾਂ ਦੇ ਸਾਬਕਾ ਅਹੁਦੇ ਨੂੰ ਦੇਖਦਿਆਂ ਇਹ ਦੋਸ਼ ਬੇਹੱਦ ਗੰਭੀਰ ਹਨ, ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਦੇ ਨਿੱਜੀ ਅਤੇ ਪੇਸ਼ੇਵਰ ਅਕਸ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਉਨ੍ਹਾਂ ਦੱਸਿਆ ਕਿ 16 ਅਕਤੂਬਰ 2025 ਨੂੰ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਕਥਿਤ ਤੌਰ ‘ਤੇ ਕੁਝ ਸਿਆਸੀ ਤਾਕਤਾਂ ਨੇ ਉਨ੍ਹਾਂ ਦੇ ਵਿਰੋਧੀਆਂ ਨਾਲ ਮਿਲ ਕੇ ਪੂਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਵਾ ਦਿੱਤਾ ਸੀ, ਜੋ ਹੁਣ ਸੀ.ਬੀ.ਆਈ. ਦੀ ਜਾਂਚ ਅਧੀਨ ਹੈ। ਇਸ ਤੋਂ ਇਲਾਵਾ, ਇਸੇ ਸਾਲ 15 ਮਈ ਨੂੰ ਉਨ੍ਹਾਂ ਦੀ ਰਿਹਾਇਸ਼ ‘ਮਾਲੇਰਕੋਟਲਾ ਹਾਊਸ’ ਨੇੜੇ ਹੋਏ ਧਮਾਕੇ ਸਬੰਧੀ ਅਮਰਗੜ੍ਹ ਥਾਣੇ ਵਿਚ ਦਿੱਤੀ ਸ਼ਿਕਾਇਤ ‘ਤੇ ਵੀ ਕੋਈ ਕਾਰਵਾਈ ਨਹੀਂ ਹੋਈ।
ਸਾਬਕਾ ਡੀ.ਜੀ.ਪੀ. ਨੇ ਮਾਲੇਰਕੋਟਲਾ ਦੀਆਂ ਕੰਧਾਂ ‘ਤੇ ਲਗਾਏ ਗਏ ਕਥਿਤ ਭੜਕਾਊ ਪੋਸਟਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਲ੍ਹ ਵਿਚੋਂ ਆਏ ਇੱਕ ਰੈਡੀਕਲ ਵਿਅਕਤੀ ਨਾਲ ਮਿਲ ਕੇ ਇਨ੍ਹਾਂ ਪੋਸਟਰਾਂ ਰਾਹੀਂ ਉਨ੍ਹਾਂ ਦੇ ਪੁਲਿਸ ਸੇਵਾ ਕਾਲ ਦੌਰਾਨ ਹੱਤਿਆਵਾਂ ਦੇ ਦੋਸ਼ ਲਗਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖ਼ਤਮ ਕਰਨ ਲਈ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਕੀਤਾ ਜਾਵੇ।
ਇਸ ਸਬੰਧੀ ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਅਤੇ ਪਰਿਵਾਰ ਦੀ ਜਾਨ ਨੂੰ ਖ਼ਤਰੇ ਦਾ ਖ਼ਦਸ਼ਾ!

