ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)- ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐੱਫ.ਆਈ.ਆਰ. ਦਰਜ ਕੀਤੀਆਂ, ਜਿਨ੍ਹਾਂ ‘ਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।
ਆਈ.ਜੀ.ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿਚ ਹੈਰੋਇਨ ਦੀ ਕੁਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।
ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ‘ਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ ਟੀਕੇ /ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਜ਼ਿਲ੍ਹਾ ਜਲੰਧਰ ਦਿਹਾਤੀ ਵਿਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ‘ਚ 12.06 ਕਰੋੜ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ‘ਚ 6.16 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।