ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣ ਅਤੇ ਪਿਆਰ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮੌਕਾ ਦੇਣ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ। ਬੀਤੇ ਸਮੇਂ ਵਿੱਚ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਮਾਜ ਦੇ ਵਿਸ਼ੇਸ਼ ਵਰਗ ਜਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਨਫ਼ਰਤ ਭਰੇ ਤੇ ਗੈਰ-ਸੰਸਦੀ ਸ਼ਬਦ ਨਹੀਂ ਬੋਲੇ।