#PUNJAB

ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਨਕੋਦਰ ਕਾਂਡ ਦੀ ਜਾਂਚ ਸ਼ੁਰੂ

-ਸਾਬਕਾ ਆਈ.ਏ.ਐੱਸ. ਅਫਸਰ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ
ਚੰਡੀਗੜ੍ਹ, 24 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ 1986 ‘ਚ ਵਾਪਰੇ ਨਕੋਦਰ ਗੋਲੀ ਕਾਂਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮੇਟੀ ਨੇ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਇਸ ਕਾਂਡ ਨਾਲ ਸਬੰਧਤ ਰਿਕਾਰਡ ਵੀ ਤਲਬ ਕਰ ਲਿਆ ਹੈ। ਵਿਧਾਨ ਸਭਾ ਕਮੇਟੀ ਨੇ ਬੇਅਦਬੀ ਨਾਲ ਜੁੜੇ ਇਸ ਮਾਮਲੇ ਦੇ ਸਬੰਧ ‘ਚ ਸਾਬਕਾ ਆਈ.ਏ.ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ ਕੀਤੇ ਹਨ। ਨਕੋਦਰ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਗੁਰਨਾਮ ਸਿੰਘ ਦੇ ਭਾਣਜੇ ਰਮੇਸ਼ਇੰਦਰ ਸਿੰਘ (ਸਾਬਕਾ ਮੁੱਖ ਸਕੱਤਰ) ਤੋਂ ਵੀ ਇਸ ਮਾਮਲੇ ‘ਚ ਸਹਿਯੋਗ ਮੰਗਿਆ ਹੈ।
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਕਰ ਕੇ ਸੂਬੇ ‘ਚ ਮੁੜ ਬੇਅਦਬੀ ਮਾਮਲਿਆਂ ਸਬੰਧੀ ਸਿਆਸਤ ਭੱਖ ਗਈ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਕੋਦਰ ਗੋਲੀ ਕਾਂਡ ਦੀ ਜਾਂਚ ਲਈ ਬਣੇ ‘ਜਸਟਿਸ ਗੁਰਨਾਮ ਸਿੰਘ ਕਮਿਸ਼ਨ’ ਦੀ ਰਿਪੋਰਟ ਦਾ ਅੱਧਾ ਹਿੱਸਾ ਸਰਕਾਰੀ ਰਿਕਾਰਡ ‘ਚੋਂ ਗੁੰਮ ਹੋਣ ਦਾ ਮਾਮਲਾ ਚੁੱਕਿਆ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਰਿਕਾਰਡ ‘ਚੋਂ ਗੁੰਮ ਹੋਏ ਹਿੱਸੇ (ਐਕਸ਼ਨ ਟੇਕਨ ਰਿਪੋਰਟ) ਦੀ ਭਾਲ ਅਤੇ ਜਾਂਚ ਦਾ ਮਾਮਲਾ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ‘ਚ ਵਿਧਾਨ ਸਭਾ ਦੀ ਕਮੇਟੀ ਨੂੰ ਸੌਂਪ ਦਿੱਤਾ ਸੀ।
ਪੰਜਾਬ ਵਿਧਾਨ ਸਭਾ ਕਮੇਟੀ ਨੇ ਉਪਰੋਕਤ ਮਾਮਲੇ ਦੇ ਮੁਤੱਲਕ ਜਲੰਧਰ ਦੇ ਤਤਕਾਲੀ ਐਕਟਿੰਗ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ ਕੀਤੇ ਹਨ, ਜਦੋਂਕਿ ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ ਤੋਂ ਜਸਟਿਸ ਗੁਰਨਾਮ ਸਿੰਘ ਦੀ ਜਾਂਚ ਰਿਪੋਰਟ ਬਾਰੇ ਜਾਣਕਾਰੀ ਹਾਸਲ ਕੀਤੀ। ਰਮੇਸ਼ਇੰਦਰ ਸਿੰਘ ਨੇ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਕੋਲ ਜਾਂਚ ਰਿਪੋਰਟ ਦਾ ਕੋਈ ਵੱਖਰਾ ਰਿਕਾਰਡ ਨਹੀਂ ਹੈ।
ਦੱਸਣਯੋਗ ਹੈ ਕਿ 2 ਫਰਵਰੀ 1986 ਨੂੰ ਸ਼ਰਾਰਤੀ ਅਨਸਰਾਂ ਨੇ ਨਕੋਦਰ ਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ ਕਰ ਕੇ ਬੇਅਦਬੀ ਕੀਤੀ ਸੀ। ਉਸ ਮਗਰੋਂ ਜਦੋਂ ਚਾਰ ਫਰਵਰੀ 1986 ਨੂੰ ਸਿੱਖ ਸ਼ਰਧਾਲੂ ਰੋਸ ਜ਼ਾਹਰ ਕਰਨ ਲਈ ਸ਼ਾਂਤਮਈ ਢੰਗ ਨਾਲ ਮਾਰਚ ਕਰ ਰਹੇ ਸਨ, ਤਾਂ ਪੁਲਿਸ ਨੇ ਬਿਨਾਂ ਕਿਸੇ ਚਿਤਾਵਨੀ ਦੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਨਾਲ ਚਾਰ ਸਿੱਖ ਨੌਜਵਾਨ ਫ਼ੌਤ ਹੋ ਗਏ ਸਨ। ਇਸ ਮਾਮਲੇ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ‘ਚ ਕਮਿਸ਼ਨ ਬਣਾਇਆ ਗਿਆ, ਜਿਸ ਨੇ ਪੁਲਿਸ ਫਾਇਰਿੰਗ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ।
ਜਸਟਿਸ ਗੁਰਨਾਮ ਸਿੰਘ ਦੀ ਜਾਂਚ ਰਿਪੋਰਟ ਦਾ ਦੂਸਰਾ ਹਿੱਸਾ ਜਿਸ ‘ਚ ਦੋਸ਼ੀ ਅਫਸਰਾਂ ਆਦਿ ਦੇ ਬਿਆਨ ਦਰਜ ਹਨ, ਸਰਕਾਰੀ ਰਿਕਾਰਡ ‘ਚੋਂ ਗੁੰਮ ਹੈ। ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਰਮੇਸ਼ਇੰਦਰ ਸਿੰਘ ਤੋਂ ਜਾਂਚ ਕਮਿਸ਼ਨ ਦੀ ਰਿਪੋਰਟ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਕਿਉਂਕਿ ਸਾਬਕਾ ਆਈ.ਏ.ਐੱਸ. ਅਧਿਕਾਰੀ ਜਸਟਿਸ ਗੁਰਨਾਮ ਸਿੰਘ ਦੇ ਭਾਣਜੇ ਹਨ। ਨਿੱਜਰ ਨੇ ਦੱਸਿਆ ਕਿ ਪੁਰਾਣਾ ਰਿਕਾਰਡ ਹਾਸਲ ਕਰਨ ਲਈ ਗ੍ਰਹਿ ਵਿਭਾਗ ਨੂੰ ਵੀ ਲਿਖਿਆ ਹੈ। ਉਹ ਕੋਸ਼ਿਸ਼ ਕਰ ਰਹੇ ਹਨ ਕਿ ਇਸ ਦਾ ਨਿਬੇੜਾ ਜਲਦ ਕਰ ਦਿੱਤਾ ਜਾਵੇ।