#PUNJAB

ਪੰਜਾਬ ਵਿਧਾਨ ਸਭਾ ਚੋਣਾਂ; ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ!

-ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ
ਚੰਡੀਗੜ੍ਹ, 22 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਸੂਬਾਈ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣਾ ਤੈਅ ਹੈ ਅਤੇ ਹਾਈਕਮਾਂਡ ਵੱਲੋਂ ਇਸ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਆਗੂਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜਨ ਲਈ ਕਿਹਾ। ਅਹਿਮ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਇਨ੍ਹਾਂ ਆਗੂਆਂ ਨੂੰ ਹਾਈਕਮਾਂਡ ਵੱਲੋਂ ਲਏ ਜਾਣ ਵਾਲੇ ਫ਼ੈਸਲੇ ਬਾਰੇ ਕੋਈ ਵੀ ਭੇਤ ਖੋਲ੍ਹਣ ਤੋਂ ਗੁਰੇਜ਼ ਕੀਤਾ ਹੈ।
ਵੇਰਵਿਆਂ ਅਨੁਸਾਰ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਮ ਅਤੇ ਬਾਕੀ ਕਮੇਟੀਆਂ ਬਾਰੇ ਫ਼ੈਸਲੇ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 23 ਜੂਨ ਨੂੰ ਵਿਦੇਸ਼ ਜਾ ਰਹੇ ਹਨ ਅਤੇ ਹੁਣ ਕਿਸੇ ਵੇਲੇ ਵੀ ਪੰਜਾਬ ਕਾਂਗਰਸ ‘ਚ ਫੇਰਬਦਲ ਬਾਰੇ ਫ਼ੈਸਲਾ ਆ ਸਕਦਾ ਹੈ। ਸੂਤਰਾਂ ਅਨੁਸਾਰ ਵਿਰੋਧੀ ਧਿਰ ਦਾ ਨੇਤਾ ਬਦਲਿਆ ਨਹੀਂ ਜਾ ਰਿਹਾ। ਜੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਜੱਟ ਸਿੱਖ ਹੀ ਬਿਰਾਜਮਾਨ ਰਹੇਗਾ, ਤਾਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਗ਼ੈਰ-ਜੱਟ ਦੇ ਹਿੱਸੇ ਜਾ ਸਕਦੀ ਹੈ।
ਆਖ਼ਰੀ ਸਮੇਂ ਤੱਕ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਕਤਾਰ ‘ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਮ ਚੱਲ ਰਿਹਾ ਸੀ। ਸੂਤਰ ਦੱਸਦੇ ਹਨ ਕਿ ਮੌਜੂਦਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜਾਣਾ ਹੁਣ ਤੈਅ ਹੈ। ਰਾਹੁਲ ਗਾਂਧੀ ਨੇ ਸੋਨੀਆ ਗਾਂਧੀ ਦੇ ਨਿਵਾਸ ਸਥਾਨ 10, ਜਨਪਥ ‘ਤੇ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ ਕੀਤੀ ਅਤੇ ਇਨ੍ਹਾਂ ਪੰਜਾਂ ਆਗੂਆਂ ਨਾਲ ਇਕੱਲੇ-ਇਕੱਲੇ ਵੀ ਮੀਟਿੰਗ ਕੀਤੀ ਗਈ।
ਸੂਤਰਾਂ ਅਨੁਸਾਰ ਹਾਈਕਮਾਂਡ ਨੇ ਪੰਜਾਬ ਕਾਂਗਰਸ ਵਿਚਲੀ ਖਿੱਚੋਤਾਣ ਖ਼ਤਮ ਕਰਨ ਲਈ ਫ਼ਾਰਮੂਲਾ ਤਿਆਰ ਕੀਤਾ ਹੈ, ਜਿਸ ਤਹਿਤ ਸੂਬੇ ਦੇ ਨਵੇਂ ਪ੍ਰਧਾਨ ਨਾਲ ਵਰਕਿੰਗ ਪ੍ਰਧਾਨ ਵੀ ਲਾਏ ਜਾ ਸਕਦੇ ਹਨ। ਹਾਈਕਮਾਂਡ ਵੱਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਚੋਣ ਮੈਨੀਫੈਸਟੋ ਕਮੇਟੀ, ਕੋਆਰਡੀਨੇਸ਼ਨ ਕਮੇਟੀ ਅਤੇ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਥਾਂ ਮਿਲੇਗੀ। ਸੰਗਠਨ ‘ਚ ਨਵੇਂ ਬਦਲਾਅ ਤਹਿਤ ਜਾਤੀ ਸਮੀਕਰਨਾਂ ਦਾ ਤਵਾਜ਼ਨ ਵੀ ਬਣਾਇਆ ਜਾਵੇਗਾ।
ਉਧਰ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਨਜ਼ਰੀਆ ਪਾਰਟੀ ਅੱਗੇ ਰੱਖ ਦਿੱਤਾ ਹੈ ਅਤੇ ਹੁਣ ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ, ਮਨਜ਼ੂਰ ਹੈ। ਜ਼ਿਕਰਯੋਗ ਹੈ ਕਿ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਫੀਡਬੈਕ ਦੀ ਰਿਪੋਰਟ ਪਹਿਲਾਂ ਹੀ ਹਾਈਕਮਾਂਡ ਨੂੰ ਸੌਂਪ ਦਿੱਤੀ ਹੈ। ਹਾਈਕਮਾਂਡ ਨੇ ਇਸ ‘ਤੇ ਅੰਤਿਮ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਫ਼ਰਜ਼ੀ ਪੱਤਰ ਬਾਰੇ ਰੰਧਾਵਾ ਵੱਲੋਂ ਡੀ.ਜੀ.ਪੀ. ਨੂੰ ਪੱਤਰ
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪਾਰਟੀ ਦਾ ਨਵਾਂ ਪ੍ਰਧਾਨ ਥਾਪੇ ਜਾਣ ਸਬੰਧੀ ਸੋਸ਼ਲ ਮੀਡੀਆ ‘ਤੇ ਜਾਰੀ ਹੋਏ ‘ਪੱਤਰ’ ਨੇ ਭੰਬਲਭੂਸਾ ਪੈਦਾ ਕਰ ਦਿੱਤਾ। ਬਾਅਦ ‘ਚ ਸੁਖਜਿੰਦਰ ਸਿੰਘ ਰੰਧਾਵਾ ਨੇ ਖ਼ੁਦ ਪੋਸਟ ਪਾ ਕੇ ਇਸ ਪੱਤਰ ਨੂੰ ਫ਼ਰਜ਼ੀ ਕਰਾਰ ਦਿੱਤਾ।
ਰੰਧਾਵਾ ਨੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਫ਼ਰਜ਼ੀ ਪੱਤਰ ਵਾਇਰਲ ਕਰਨ ਦੇ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਸਾਲ 2021 ਵਿਚ ਰੰਧਾਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ ਸੀ, ਪਰ ਅੰਤਿਮ ਸਮੇਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਤੇ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ।