#PUNJAB

ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

-ਹੁਣ ਤੱਕ ਕੁੱਲ 71 ਉਮੀਦਵਾਰਾਂ ਦੇ ਨਾਵਾਂ ਨੂੰ ਦਿੱਤਾ ਅੰਤਿਮ ਰੂਪ
ਚੰਡੀਗੜ੍ਹ, 12 ਨਵੰਬਰ (ਪੰਜਾਬ ਮੇਲ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤਾਜ਼ਾ ਸੂਚੀ ਵਿਚ ਪਾਰਟੀ ਵੱਲੋਂ 31 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ ਹੀ ਵੋਟਾਂ ਮੰਗੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਨੂੰ ਲੈ ਕੇ ਉਹ ਲੋਕਾਂ ਵਿਚ ਜਾਣਗੇ ਅਤੇ ਪੰਜਾਬ ਵਿਚ ਮੁੜ ਤੋਂ ਸਰਕਾਰ ਬਣਾਉਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਨੇ 31 ਅਕਤੂਬਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ 40 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।
ਪਾਰਟੀ ਵੱਲੋਂ ਜਾਰੀ ਪਹਿਲੀ ਸੂਚੀ ਵਿਚ ਕਈ ਮੌਜੂਦਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ‘ਤੇ ਮੁੜ ਭਰੋਸਾ ਜਤਾਇਆ ਗਿਆ ਸੀ। ਉਸ ਸੂਚੀ ਵਿਚ ਸਭ ਤੋਂ ਅਹਿਮ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਵਿਧਾਨ ਸਭਾ ਹਲਕੇ ਧੂਰੀ ਤੋਂ ਹੀ ਮੁੜ ਉਮੀਦਵਾਰ ਐਲਾਨਿਆ ਗਿਆ ਸੀ। ਦੂਜੀ ਸੂਚੀ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਨੇ ਹੁਣ ਤੱਕ ਕੁੱਲ 71 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਨਾਲ ਸੂਬੇ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ।