-ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸ਼ੁਰੂ
ਲੁਧਿਆਣਾ, 9 ਅਪ੍ਰੈਲ (ਪੰਜਾਬ ਮੇਲ)- ਲੁਧਿਆਣਾ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਪਿਛਲੇ ਦਿਨੀਂ ਭੇਦਭਰੀ ਹਾਲਤ ਵਿਚ ਮਾਰੇ ਗਏ ਸਨ, ਜਿਸ ਕਰਕੇ ਇਹ ਚੋਣ ਹਲਕਾ ਖਾਲੀ ਹੋ ਗਿਆ ਸੀ। ਚੋਣ ਕਮਿਸ਼ਨ ਵੱਲੋਂ ਇਸ ਹਲਕੇ ਤੋਂ ਕਿਸੇ ਸਮੇਂ ਵੀ ਜ਼ਿਮਨੀ ਚੋਣ ਦਾ ਐਲਾਨ ਕੀਤਾ ਜਾ ਸਕਦਾ ਹੈ। ਭਾਵੇਂ ਕਿ ਰਸਮੀ ਤੌਰ ‘ਤੇ ਇਨ੍ਹਾਂ ਚੋਣਾਂ ਦਾ ਐਲਾਨ ਹਾਲੇ ਨਹੀਂ ਹੋਇਆ, ਪਰ ਪ੍ਰਮੁੱਖ ਸਿਆਸੀ ਪਾਰਟੀਆਂ ਵੱਲੋਂ ਇਥੇ ਜੰਗੀ ਪੱਧਰ ‘ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਦੋ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਇਸ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਕਾਂਗਰਸ ਪਾਰਟੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਦੋਵਾਂ ਉਮੀਦਵਾਰਾਂ ਨੇ ਆਪੋ-ਆਪਣਾ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਵੈਸਟ ਹਲਕੇ ਵਿਚ ਦੋਵਾਂ ਆਗੂਆਂ ਦੇ ਵੱਡੇ-ਵੱਡੇ ਹੋਰਡਿੰਗ ਦੇਖੇ ਜਾ ਸਕਦੇ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਮੰਤਰੀਆਂ ਅਤੇ ਪਾਰਟੀ ਲੀਡਰਾਂ ਨੇ ਲੁਧਿਆਣਾ ਵਿਖੇ ਆਪਣਾ ਡੇਰਾ ਜਮਾਇਆ ਹੋਇਆ ਹੈ। ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੀ ਲੁਧਿਆਣਾ ਵਿਖੇ ਫੇਰੀਆਂ ਮਾਰ ਰਹੇ ਹਨ ਅਤੇ ਆਪਣੀ ਪਾਰਟੀ ਆਗੂਆਂ ਨਾਲ ਮੀਟਿੰਗਾਂ ਆਯੋਜਿਤ ਕਰ ਰਹੇ ਹਨ।
ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ, ਜਿਸ ਕਰਕੇ ਹੁਣ ਇਨ੍ਹਾਂ ਦੋਵਾਂ ਆਗੂਆਂ ਵਿਚ ਮੁਕਾਬਲਾ ਹੋਣ ਦੀ ਉਮੀਦ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਹਾਲੇ ਡੇਢ ਸਾਲ ਦੇ ਕਰੀਬ ਸਮਾਂ ਪਿਆ ਹੈ, ਜਿਸ ਕਰਕੇ ਇਸ ਜ਼ਿਮਨੀ ਚੋਣ ਨੂੰ ਸੈਮੀਫਾਈਨਲ ਵਜੋਂ ਮੰਨਿਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਹੋਵੇਗੀ ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ
