ਚੰਡੀਗੜ੍ਹ/ਸੰਗਰੂਰ, 11 ਨਵੰਬਰ (ਪੰਜਾਬ ਮੇਲ)- ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਅਨਿੰਦਿਤਾ ਮਿਤਰਾ, ਆਈ.ਏ.ਐੱਸ. ਨੇ ਦੱਸਿਆ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।
ਸੀ.ਈ.ਓ. ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿਚ ਦਰੁੱਸਤ ਪਾਈਆਂ ਜਾਣ ਵਾਲੀਆਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐੱਫ.ਐੱਲ.ਸੀ. ਪ੍ਰਕਿਰਿਆ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ‘ਤੇ ਕੀਤੀ ਜਾਵੇਗੀ।
ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ‘ਤੇ ਪੂਰੀ ਐੱਫ.ਐੱਲ.ਸੀ. ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਦੋ ਡਿਸਪਲੇਅ ਸਕ੍ਰੀਨਾਂ (ਇਕ ਐੱਫ.ਐੱਲ.ਸੀ. ਸਾਈਟ ‘ਤੇ ਅਤੇ ਦੂਜੀ ਸਬੰਧਤ ਡੀ.ਸੀ. ਦਫ਼ਤਰਾਂ ‘ਚ) ਲਗਾਈਆਂ ਗਈਆਂ ਹਨ, ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਮੁੱਖ ਚੋਣ ਅਫ਼ਸਰ (ਸੀ.ਈ.ਓ.) ਹੈੱਡਕੁਆਰਟਰ ‘ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਨੇ ਇਨ੍ਹਾਂ ਕਾਰਜਾਂ ਦੀ ਦੇਖ-ਰੇਖ ਲਈ ਆਬਜ਼ਰਵਰ ਲਗਾਏ ਗਏ ਹਨ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐੱਫ.ਐੱਲ.ਸੀ. ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
ਪੰਜਾਬ ਵਿਧਾਨ ਸਭਾ ਚੋਣਾਂ: ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ

