#PUNJAB

ਪੰਜਾਬ ਸਰਕਾਰ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਸਮੇਤ 7 ਹੋਰਨਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ‘ਚ ਬੇਅਦਬੀ ਮਾਮਲੇ ਤੇ ਇਸ ਤੋਂ ਬਾਅਦ ਉਪਜੇ ਘਟਨਾਕ੍ਰਮ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 7 ਡੇਰਾ ਸ਼ਰਧਾਲੂਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਮੁਤਾਬਕ ਹੁਣ ਤੱਕ ਇਕੱਠੇ ਕੀਤੇ ਗਏ ਸਬੂਤਾਂ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ, ਇਸ ਦੇ ਅੰਗ ਗਲੀਆਂ ‘ਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ ਮੁੱਢਲੇ ਤੌਰ ‘ਤੇ ਸਾਬਿਤ ਹੋਏ ਹਨ।
ਫ਼ੌਜਦਾਰੀ ਕਾਨੂੰਨ ਮੁਤਾਬਕ ਬੇਅਦਬੀ ਮਾਮਲਿਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਅਦਾਲਤ ਉਦੋਂ ਤੱਕ ਨਹੀਂ ਕਰ ਸਕਦੀ, ਜਦੋਂ ਤੱਕ ਸੂਬੇ ਦਾ ਗ੍ਰਹਿ ਵਿਭਾਗ ਇਸ ਸਬੰਧੀ ਮਨਜ਼ੂਰੀ ਨਹੀਂ ਦਿੰਦਾ। ਹਾਲੇ ਕੁੱਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਡੇਰਾ ਮੁਖੀ ਤੇ ਉਸ ਦੇ ਸ਼ਰਧਾਲੂਆਂ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮਿਆਂ ‘ਤੇ ਸੁਣਵਾਈ ‘ਤੇ ਲੱਗੀ ਰੋਕ ਨੂੰ ਹਟਾ ਦਿੱਤਾ ਸੀ।
ਹੁਣ ਬੇਅਦਬੀ ਮਾਮਲੇ ਦੇ ਸਾਰੇ ਮੁਕੱਦਮੇ ਚੱਲਣ ‘ਚ ਆ ਰਹੇ ਅੜਿੱਕੇ ਖ਼ਤਮ ਹੋ ਗਏ ਹਨ। ਬੇਅਦਬੀ ਦੀ ਘਟਨਾ ਹਾਲਾਂਕਿ ਫ਼ਰੀਦਕੋਟ ਜ਼ਿਲ੍ਹੇ ‘ਚ ਹੋਈ ਸੀ ਪਰ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ‘ਚ ਹੋਵੇਗੀ ਕਿਉਂਕਿ ਡੇਰੇ ਦੇ ਸ਼ਰਧਾਲੂਆਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਹ ਕੇਸ ਚੰਡੀਗੜ੍ਹ ਟਰਾਂਸਫਰ ਕਰਵਾ ਲਿਆ ਸੀ। ਡੇਰਾ ਮੁਖੀ ਸਾਧਵੀ ਜਬਰ-ਜ਼ਿਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਮਾਮਲੇ ‘ਚ ਹਰਿਆਣਾ ਦੀ ਸੋਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਿਹਾ ਹੈ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਫਰਲੋ ‘ਤੇ ਬਾਹਰ ਆਇਆ ਹੋਇਆ ਹੈ।