ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਬਨੂੜ ਤੋਂ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਕ ਗੁਪਤ ਸੂਚਨਾ ‘ਤੇ ਗੁਰਪਤਵੰਤ ਸਿੰਘ ਪੰਨੂ ਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਸ਼ ਸਿੰਘ, ਦਵਿੰਦਰ ਸਿੰਘ ਅਤੇ ਮਨਜੀਤ ਸਿੰਘ ਵਜੋਂ ਹੋਈ ਹੈ। ਤਿੰਨੋਂ ਰਾਜਪੁਰਾ ਦੇ ਰਹਿਣ ਵਾਲੇ ਹਨ।
ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਤਿੰਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਗ੍ਰਿਫਤਾਰੀ ਦੇ ਤੁਰੰਤ ਬਾਅਦ ਤਿੰਨਾਂ ਨੂੰ ਸ਼ੁੱਕਰਵਾਰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਿੰਨੋਂ ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿਚ ਸਨ।
ਪੁਲਿਸ ਸੂਤਰ ਦੱਸਦੇ ਹਨ ਕਿ ਉਨ੍ਹਾਂ ਕੋਲੋਂ ਉਹ ਪੋਸਟਰ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ, ਜਿਸ ਨੂੰ ਉਨ੍ਹਾਂ ਮੋਹਾਲੀ ਦੀਆਂ ਵੱਡੀਆਂ ਇਮਾਰਤਾਂ ‘ਤੇ ਚਿਪਕਾਉਣ ਦੀ ਯੋਜਨਾ ਬਣਾਈ ਸੀ। ਅਜੇ 3 ਦਿਨ ਪਹਿਲਾਂ ਹੀ ਪੰਜਾਬ ਦੇ ਸੀ.ਐੱਮ. ਨੂੰ ਗੁਰਪਤਵੰਤ ਸਿੰਘ ਪੰਨੂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰ ਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਮਾਹੌਲ ਨੂੰ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ।