ਫਰੀਦਕੋਟ, 21 ਜੁਲਾਈ (ਪੰਜਾਬ ਮੇਲ)- ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖ਼ਾਲਸਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਾਰੇ ਪੰਥਕ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਫ਼ੈਸਲਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ‘ਚ 9 ਹਲਕੇ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਅਕਾਲੀ ਦਲ ਬਾਰੇ ਬੋਲਦਿਆਂ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਕੋਈ ਵੀ ਪੰਥ ਦੀ ਗੱਲ ਨਹੀਂ ਕਰਦੀ, ਹਾਲਾਂਕਿ ਪਾਰਟੀ ‘ਚ ਬੰਦੇ ਮਾੜੇ ਨਹੀਂ ਹਨ, ਕੁੱਝ ਬੰਦੇ ਚੰਗੇ ਵੀ ਹਨ ਅਤੇ ਇਨ੍ਹਾਂ ਦੇ ਉਨ੍ਹਾਂ ਨੂੰ ਫੋਨ ਵੀ ਆਉਂਦੇ ਹਨ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇਕਰ ਸਰਬਜੀਤ ਸਿੰਘ ਖ਼ਾਲਸਾ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਅਕਾਲੀ ਦਲ ਦੇ ਕੁੱਝ ਲੋਕ ਉਨ੍ਹਾਂ ਦੇ ਨਾਲ ਮਿਲ ਸਕਦੇ ਹਨ।