#PUNJAB

ਫ਼ਰਜ਼ੀ ਬੈਲਟ ਪੇਪਰ: ਚੋਣ ਕਮਿਸ਼ਨ ਵੱਲੋਂ ਬੈਲਟ ਪੇਪਰਾਂ ਦੀ ਸੁਰੱਖਿਆ ਲਈ ਨਿਰਦੇਸ਼ ਜਾਰੀ

-ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਦੇ ਦੋਸ਼ ਰੱਦ
ਚੰਡੀਗੜ੍ਹ, 12 ਦਸੰਬਰ (ਪੰਜਾਬ ਮੇਲ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਵਿਰੋਧੀ ਧਿਰਾਂ ਦੇ ਬੈਲਟ ਪੇਪਰਾਂ ਦੀ ਦੁਰਵਰਤੋਂ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ‘ਚ ਬੈਲਟ ਪੇਪਰਾਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਲਜ਼ਾਮ ਲਾਏ ਸਨ ਕਿ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਲਈ ਪਹਿਲਾਂ ਹੀ ਫ਼ਰਜ਼ੀ ਬੈਲਟ ਪੇਪਰ ਪੰਜਾਬ ਪੁੱਜ ਗਏ ਹਨ, ਤਾਂ ਜੋ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਕਾਂਗਰਸੀ ਵਿਧਾਇਕ ਅਰੁਣਾ ਚੌਧਰੀ ਨੇ ਵੀ ਚੋਣ ਕਮਿਸ਼ਨ ਕੋਲ ਫ਼ਰਜ਼ੀ ਬੈਲਟ ਪੇਪਰਾਂ ਦਾ ਖ਼ਦਸ਼ਾ ਜ਼ਾਹਿਰ ਕੀਤਾ ਸੀ।
ਰਾਜ ਚੋਣ ਕਮਿਸ਼ਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਦੀ ਕਾਪੀ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਵੀ ਭੇਜ ਦਿੱਤੀ ਹੈ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਹਦਾਇਤ ਕੀਤੀ ਹੈ ਕਿ ਅਧਿਕਾਰਤ ਪ੍ਰਿੰਟਿੰਗ ਪ੍ਰੈੱਸਾਂ ਤੋਂ ਛਪੇ ਬੈਲਟ ਪੇਪਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਬੈਲਟ ਪੇਪਰਾਂ ਦਾ ਹਰ ਤਰ੍ਹਾਂ ਦਾ ਰਿਕਾਰਡ ਰੱਖਿਆ ਜਾਵੇ। ਇਹ ਰਿਟਰਨਿੰਗ ਅਫ਼ਸਰ ਪ੍ਰਿੰਟਿੰਗ ਪ੍ਰੈੱਸਾਂ ਤੋਂ ਇਕੱਤਰ ਕਰਨ ਅਤੇ ਸੁਰੱਖਿਅਤ ਤਰੀਕੇ ਨਾਲ ਰੱਖਣ। ਹਰ ਬੈਲਟ ਪੇਪਰ ‘ਤੇ ਸੀਰੀਅਲ ਨੰਬਰ ਹੋਵੇਗਾ। ਹਰ ਬੈਲਟ ਪੇਪਰ ਪ੍ਰੀਜ਼ਾਈਡਿੰਗ ਅਫ਼ਸਰ ਦਸਤਖ਼ਤ ਕਰਕੇ ਵੋਟਰ ਨੂੰ ਦੇਵੇਗਾ।
ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਬੈਲਟ ਪੇਪਰਾਂ ਦਾ ਮਿਲਾਣ ਵੀ ਹੋਵੇਗਾ। ਵੋਟਾਂ ਪੈਣ ਤੋਂ ਐਨ ਪਹਿਲਾਂ ਖ਼ਾਲੀ ਬੈਲਟ ਬਕਸੇ ਪੋਲਿੰਗ ਏਜੰਟਾਂ ਨੂੰ ਦਿਖਾਏ ਜਾਣਗੇ। ਇਸੇ ਤਰ੍ਹਾਂ ਹੋਰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਇੱਕ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਚੋਣ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਡੀ.ਜੀ.ਪੀ. ਨੂੰ ਭੇਜ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਪੁਲਿਸ ‘ਤੇ ਤਿੱਖੀ ਨਜ਼ਰ ਰੱਖੀ ਹੋਈ ਹੈ ਕਿਉਂਕਿ ਹਾਈ ਕੋਰਟ ਤਰਫ਼ੋਂ ਸਖ਼ਤ ਹਦਾਇਤਾਂ ਹਨ।