ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫ਼ਾਜ਼ਿਲਕਾ ਵਿਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ, ਜੋ ਬੀਤੇ ਦਿਨਾਂ ‘ਚ 147 ਕਿਲੋ ਹੈਰੋਇਨ ਜ਼ਬਤ ਕਰ ਚੁੱਕੀ ਹੈ। ਸ਼੍ਰੀ ਯਾਦਵ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਮਿਲੀ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ, ਜਿਸ ਤਹਿਤ ਫਾਜ਼ਿਲਕਾ ‘ਚ ਐੱਸ.ਐੱਸ.ਓ.ਸੀ. ਨੇ 15 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਤਸਕਰ ਨੂੰ ਗ੍ਰਿਫਤਾਰ ਕੀਤਾ। ਇਹ ਬਰਾਮਦਗੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਦੀ ਤਲਾਸ਼ੀ ਦੌਰਾਨ ਹੋਈ ਹੈ। ਇਸ ਮਾਮਲੇ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।’ ਇਸ ਦੌਰਾਨ ਡੀ.ਜੀ.ਪੀ. ਨੇ ਇਕ ਹੋਰ ਐਕਸ ਸੁਨੇਹੇ ਵਿਚ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ।