ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਮੇਲ)- ਤਕਰੀਬਨ 9 ਸਾਲ ਪੁਰਾਣੇ ਬਰਗਾੜੀ ਬੇਅਦਬੀ ਮਾਮਲੇ ‘ਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਬਚਾਅ ਧਿਰ ਦੇ ਵਕੀਲ ਨੇ ਕਿਹਾ ਕਿ ਮੁਲਜ਼ਮਾਂ ਤੋਂ ਐੱਸ.ਆਈ.ਟੀ. ਪੁੱਛਗਿੱਛ ਕਰ ਚੁੱਕੀ ਹੈ ਅਤੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ਵਿਚ ਉਸ ਨੂੰ ਜੇਲ੍ਹ ਵਿਚ ਰੱਖਣਾ ਠੀਕ ਨਹੀਂ ਹੈ।
ਪੰਜਾਬ ਪੁਲਿਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲ ਜਾਂਦੀ ਹੈ, ਤਾਂ ਸੂਬੇ ਦਾ ਕਾਨੂੰਨ ਪ੍ਰਬੰਧ ਪ੍ਰਭਾਵਿਤ ਹੋ ਸਕਦਾ ਹੈ। ਦੋਵੇਂ ਧਿਰਾਂ ਨੂੰ ਸੁਣਨ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਨਿੰਦਰ ਸਿੰਘ ਦੀ ਅਦਾਲਤ ਨੇ ਕਲੇਰ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।
ਕਲੇਰ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ 2 ਮਹੀਨੇ ਪਹਿਲਾਂ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਬੇਅਦਬੀ ਦੇ 3 ਵੱਖ-ਵੱਖ ਮਾਮਲਿਆਂ ‘ਚ ਭਗੌੜਾ ਸੀ। ਪਿਛਲੇ ਸਾਲ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਬੇਅਦਬੀ ਦੇ 3 ਮਾਮਲਿਆਂ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਸੀ। ਇਸ ਮਾਮਲੇ ਵਿਚ ਰਾਮ ਰਹੀਮ ਵੀ ਦੋਸ਼ੀ ਹੈ।