ਭੁਲੱਥ, 11 ਨਵੰਬਰ (ਪੰਜਾਬ ਮੇਲ)- ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਏ ਭੁਲੱਥ ਦੇ ਨੌਜਵਾਨ ਅਮਿਤ ਬਹਿਲ (26) ਪੁੱਤਰ ਰੌਣਕ ਬਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਸੜਕ ਪਾਰ ਕਰ ਰਿਹਾ ਸੀ, ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਅਮਿਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਬਰੈਂਪਟਨ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਮਿਤ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਤੇ ਚੰਗੇ ਸੁਭਾਅ ਦਾ ਮਾਲਕ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ‘ਤੇ ਕਸਬਾ ਭੁਲੱਥ ਵਿਚ ਹਰ ਪਾਸੇ ਸੋਗ ਹੈ ਤੇ ਲੋਕਾਂ ਵੱਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।