ਚੰਡੀਗੜ੍ਹ, 24 ਜੁਲਾਈ (ਪੰਜਾਬ ਮੇਲ)- ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਨੇ 30 ਜੁਲਾਈ ਨੂੰ ਮੁੜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 18 ਜੁਲਾਈ ਅਤੇ 20 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਪਰੀਮ ਕੋਰਟ ‘ਚ ਸੁਣਵਾਈ ਦੀ ਗੱਲ ਆਖ ਕੇ ਮਜੀਠੀਆ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ।
ਇਸ ਸਬੰਧੀ ਮਜੀਠੀਆ ਨੇ ਸਿੱਟ ਨੂੰ ਇਕ ਪੱਤਰ ਭੇਜ ਕੇ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐੱਸ.ਐੱਲ.ਪੀ.) ਦੇ ਮਾਮਲੇ ‘ਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਮਾਣਯੋਗ ਸੁਪਰੀਮ ਕੋਰਟ ‘ਚ ਮਜੀਠੀਆ ਨੂੰ ਸਮਾਂ ਮਿਲ ਗਿਆ ਹੈ।
ਇੱਧਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਤੁਰੰਤ ਪ੍ਰਭਾਵ ਨਾਲ ਸੰਮਨ ਜਾਰੀ ਕਰਕੇ 30 ਜੁਲਾਈ ਨੂੰ ਪੇਸ਼ ਹੋਣ ਲਈ ਬੁਲਾ ਲਿਆ ਹੈ।