– ਤਕਰੀਬਨ 2.46 ਲੱਖ ਕੇਸ ਦਰਜ ਹੋਏ; ਚੌਥੀ ਵਾਰ ਚੋਣਾਂ ‘ਚ ਨਸ਼ਾ ਬਣੇਗਾ ਮੁੱਖ ਮੁੱਦਾ
ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਪੰਜਾਬ ‘ਚ ਬੀਤੇ ਢਾਈ ਦਹਾਕਿਆਂ ਦੌਰਾਨ ਨਸ਼ਾ ਤਸਕਰੀ ਦੇ ਕਰੀਬ 2.46 ਲੱਖ ਕੇਸ ਦਰਜ ਹੋਏ ਹਨ। ਪਿਛਲੇ ਕੁਝ ਵਰ੍ਹਿਆਂ ‘ਚ ਪੰਜਾਬ ਐੱਨ.ਡੀ.ਪੀ.ਐੱਸ. ਕੇਸਾਂ ਦੇ ਮਾਮਲੇ ‘ਚ ਸਮੁੱਚੇ ਦੇਸ਼ ‘ਚੋਂ ਦੂਜੇ ਜਾਂ ਤੀਜੇ ਨੰਬਰ ‘ਤੇ ਰਿਹਾ ਹੈ। ਪੰਜਾਬ ‘ਚ ਐੱਨ.ਡੀ.ਪੀ.ਐੱਸ. ਦੇ ਕੇਸਾਂ ਦਾ ਅੰਕੜਾ ਵੀ ਸਿਖਰ ਛੋਹਦਾ ਰਿਹਾ ਹੈ ਪਰ ਓਵਰਡੋਜ਼ ਨਾਲ ਮੌਤਾਂ ‘ਚ ਵੀ ਵੱਡੀ ਕਮੀ ਨਹੀਂ ਆਈ। ਹੁਣ ਜਦੋਂ ਪੰਜਾਬ ‘ਚ ਚੋਣਾਂ ਬਰੂਹਾਂ ‘ਤੇ ਹਨ, ਤਾਂ ਹਰ ਸਿਆਸੀ ਧਿਰ ਨਸ਼ੇ ਦੇ ਮੁੱਦੇ ਨੂੰ ਉਛਾਲ ਰਹੀ ਹੈ। ਸੱਤਾਧਾਰੀ ਧਿਰ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪ੍ਰਾਪਤੀ ਦਾ ਗੁਣਗਾਨ ਕਰ ਰਹੀ ਹੈ, ਜਦਕਿ ਵਿਰੋਧੀ ਧਿਰਾਂ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਅੰਕੜਾ ਦਿਖਾ ਕੇ ਘੇਰਾਬੰਦੀ ਕਰ ਰਹੀਆਂ ਹਨ।
ਅਜਿਹਾ ਚੌਥੀ ਵਾਰ ਹੋਵੇਗਾ, ਜਦੋਂ ਵਿਧਾਨ ਸਭਾ ਚੋਣਾਂ ‘ਚ ਨਸ਼ਿਆਂ ਦਾ ਮੁੱਦਾ ਭਾਰੂ ਰਹੇਗਾ। ਜਨਵਰੀ 2002 ਤੋਂ ਹੁਣ ਤੱਕ ਸੂਬੇ ‘ਚ ਐੱਨ.ਡੀ.ਪੀ.ਐੱਸ. ਐਕਟ ਤਹਿਤ 2,45,995 ਕੇਸ ਦਰਜ ਹੋ ਚੁੱਕੇ ਹਨ। ਜਦੋਂ ਅਮਰਿੰਦਰ ਸਰਕਾਰ ਦੀ ਪਹਿਲੀ ਪਾਰੀ (2002-07) ਸੀ, ਤਾਂ ਪੰਜ ਵਰ੍ਹਿਆਂ ‘ਚ ਐੱਨ.ਡੀ.ਪੀ.ਐੱਸ. ਐਕਟ ਤਹਿਤ 15,990 ਕੇਸ ਦਰਜ ਹੋਏ ਸਨ, ਜੋ ਪ੍ਰਤੀ ਦਿਨ ਔਸਤਨ 9 ਕੇਸ ਬਣਦੇ ਹਨ। ਉਸ ਮਗਰੋਂ ਅਕਾਲੀ-ਭਾਜਪਾ ਗੱਠਜੋੜ ਦੀ ਹਕੂਮਤ (2007-2012) ਦੌਰਾਨ ਕੇਸਾਂ ਦਾ ਅੰਕੜਾ ਇਕਦਮ ਵਧ ਕੇ 27,348 ਹੋ ਗਿਆ ਸੀ। ਇਸ ਸਮੇਂ ਦੌਰਾਨ ਪ੍ਰਤੀ ਦਿਨ ਔਸਤਨ 15 ਕੇਸ ਦਰਜ ਹੁੰਦੇ ਰਹੇ। ਗੱਠਜੋੜ ਦੀ ਅਗਲੀ ਪਾਰੀ (2012-2017) ਦੌਰਾਨ ਅੰਕੜਾ ਦੁੱਗਣਾ ਹੋ ਗਿਆ, ਭਾਵ ਇਨ੍ਹਾਂ ਪੰਜ ਸਾਲਾਂ ‘ਚ 55,402 ਕੇਸ ਦਰਜ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਦੀ ਦੂਜੀ ਪਾਰੀ (2017-22) ਦੌਰਾਨ 52,427 ਕੇਸ ਦਰਜ ਹੋਏ ਸਨ, ਜੋ ਪ੍ਰਤੀ ਦਿਨ ਔਸਤਨ 29 ਕੇਸ ਬਣਦੇ ਸਨ। ਮੌਜੂਦਾ ‘ਆਪ’ ਸਰਕਾਰ ਨੇ ਹੁਣ ਤੱਕ 94,828 ਕੇਸ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਹਨ, ਜੋ ਪ੍ਰਤੀ ਦਿਨ ਔਸਤਨ 58 ਕੇਸ ਬਣਦੇ ਹਨ।
ਪੰਜਾਬ ‘ਚ ਸਾਲ 2012 ਦੀਆਂ ਅਸੈਂਬਲੀ ਚੋਣਾਂ ਸਮੇਂ ਨਸ਼ਿਆਂ ਦਾ ਮੁੱਦਾ ਭਖਣ ਲੱਗ ਪਿਆ ਸੀ ਅਤੇ 2014 ਦੀਆਂ ਲੋਕ ਸਭਾ ਚੋਣਾਂ ‘ਚ ਇਹ ਮੁੱਦਾ ਪੂਰੀ ਤਰ੍ਹਾਂ ਛਾਇਆ ਰਿਹਾ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨਸ਼ਿਆਂ ਖ਼ਿਲਾਫ਼ ਬਿਆਨ ਦਾਗ਼ ਕੇ ਇਸ ਮੁੱਦੇ ਨੂੰ ਹਵਾ ਦੇ ਦਿੱਤੀ ਸੀ। ਸਾਲ 2014 ‘ਚ ਸਭ ਤੋਂ ਵੱਧ 14,654 ਕੇਸ ਨਸ਼ਿਆਂ ਨੂੰ ਲੈ ਕੇ ਦਰਜ ਹੋਏ ਸਨ। ਅਮਰਿੰਦਰ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸਭ ਤੋਂ ਵੱਧ 12,356 ਪੁਲਿਸ ਕੇਸ ਦਰਜ ਕੀਤੇ ਸਨ।
ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਚਾਰ ਹਫ਼ਤਿਆਂ ‘ਚ ਖ਼ਤਮ ਕੀਤੇ ਜਾਣ ਦੀ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਇਸੇ ਤਰ੍ਹਾਂ ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਨੇ ਚਾਰ ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ। ਐਤਕੀਂ ਪੰਜਾਬ ਭਾਜਪਾ ਨੇ ਸਾਰਾ ਨਸ਼ਾ ਖ਼ਤਮ ਕਰਨ ਦਾ ਨਾਅਰਾ ਦਿੱਤਾ ਹੈ। ਵਿਰੋਧੀ ਧਿਰਾਂ ਵੱਲੋਂ ਹੁਣ ਨਸ਼ਿਆਂ ਦੀ ਹੋਮ ਡਲਿਵਰੀ ਹੋਣ ਦੀ ਗੱਲ ਆਖੀ ਜਾ ਰਹੀ ਹੈ, ਜਦੋਂ ਕਿ ‘ਆਪ’ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਚੁੱਕੇ ਗਏ ਸਖ਼ਤ ਕਦਮਾਂ ਦੀ ਚਰਚਾ ਕਰ ਰਹੀ ਹੈ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਖ ਚੁੱਕੇ ਹਨ ਕਿ ਚਿੱਟਾ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾ ਸਕਿਆ ਹੈ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਮੁਤਾਬਕ ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਦੀ ਕੋਸ਼ਿਸ਼ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਮੌਜੂਦਾ ਸਰਕਾਰ ਨੇ ਡਰੱਗ ਸਰਵੇਖਣ ਵੀ ਹਾਲ ‘ਚ ਹੀ ਮੁਕੰਮਲ ਕੀਤਾ ਹੈ। ਕਾਨੂੰਨੀ ਮਾਹਿਰ ਆਖਦੇ ਹਨ ਕਿ ਪੰਜਾਬ ਸਰਕਾਰ ਨੇ ਡੋਪ ਟੈਸਟ ਦੇ ਆਧਾਰ ‘ਤੇ ਵੀ ਪੁਲਿਸ ਕੇਸ ਦਰਜ ਕੀਤੇ ਹਨ ਅਤੇ ਵੱਡੀ ਗਿਣਤੀ ‘ਚ ਨਸ਼ੇੜੀ ਪੁਲਿਸ ਕੇਸਾਂ ਦੀ ਮਾਰ ਹੇਠ ਆਏ ਹਨ।
ਪੰਜਾਬ ਸਰਕਾਰ ਨੇ ਅਜਿਹੇ ਕੇਸਾਂ ਦੀ ਗਿਣਤੀ ਕਰਾਈ ਹੈ, ਜਿਨ੍ਹਾਂ ‘ਚ ਵੱਡੀ ਮਾਤਰਾ ‘ਚ ਨਸ਼ਿਆਂ ਦੀ ਰਿਕਵਰੀ ਹੋਈ ਹੈ। ਤਸਕਰਾਂ ਦੇ ਘਰ ਢਾਹੁਣ ਦੀ ਕਾਰਵਾਈ ਤੋਂ ਇਲਾਵਾ ਜਾਇਦਾਦਾਂ ਜ਼ਬਤ ਕੀਤੇ ਜਾਣ ਦਾ ਤਰਕ ਸਰਕਾਰ ਦੇ ਰਹੀ ਹੈ। ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਨੇ ਨਸ਼ਿਆਂ ਦੇ ਮੁੱਦੇ ਨੂੰ ਕੇਂਦਰ ਬਿੰਦੂ ‘ਚ ਲਿਆਂਦਾ ਹੈ। ਮੌਜੂਦਾ ਹਾਲਾਤ ਤੋਂ ਜਾਪਦਾ ਹੈ ਕਿ ਆਗਾਮੀ ਚੋਣਾਂ ‘ਚ ਨਸ਼ਿਆਂ ਦੇ ਮੁੱਦੇ ਦੀ ਗੂੰਜ ਪਵੇਗੀ।
ਬੀਤੇ ਢਾਈ ਦਹਾਕਿਆਂ ਦੌਰਾਨ ਨਸ਼ਾ ਤਸਕਰੀ ਦੇ ਕੇਸ ਪੰਜ ਗੁਣਾ ਵਧੇ!

