-ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਦੀ ਕੀਤੀ ਨਿੰਦਾ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ ‘ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸੱਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਬੋਲਣ ਦੀ ਆਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ, ਤਾਂ ਇਹ ਸਭ ਨੂੰ ਸੰਵਿਧਾਨਿਕ ਤੌਰ ‘ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ, ਸਗੋਂ ਸਿੱਖਾਂ ਵਿਰੁੱਧ ਉੱਠ ਰਹੀਆਂ ਆਵਾਜ਼ਾਂ ਅਤੇ ਸੋਸ਼ਲ ਮੀਡੀਆ ਉੱਤੇ ਕੀਤੇ ਜਾਂਦੇ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ ‘ਤੇ ਵੀ ਲਾਗੂ ਕਰੇ।