ਚੰਡੀਗੜ੍ਹ, 30 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਦਲ ਦੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਦਲ ਦੇ ਰਾਜਸੀ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ’ਚ ਕਿਸੇ ਆਗੂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਭਲਕੇ ਪੰਜ ਸਿੰਘ ਸਾਹਿਬਾਨਾਂ ਦੀ ਅਕਾਲ ਤਖ਼ਤ ਸਾਹਿਬ ’ਤੇ ਇਕੱਤਰਤਾ ਤੋਂ ਐਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਇਹ ਪੈਂਤੜਾ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਅੱਜ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਆਪਣੀ ਸਿਆਸਤ ਪਿੰਡ ਦੀ ਸਰਪੰਚੀ ਤੋਂ ਕੀਤੀ ਸੀ ਅਤੇ ਉਹ ਪੰਜ ਵਾਰ ਵਿਧਾਇਕ ਤੇ ਵਜ਼ੀਰ ਵੀ ਰਹਿ ਚੁੱਕੇ ਹਨ। ਉਹ ਤਿੰਨ ਵਾਰ ਰਾਜ ਸਭਾ ਦੇ ਮੈਂਬਰ ਵੀ ਬਣ ਚੁੱਕੇ ਹਨ ਅਤੇ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ’ਤੇ ਵੀ ਰਹੇ ਹਨ। ਇਸ ਵੇਲੇ ਭੂੰਦੜ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੁਖੀ ਸਨ। ਅਕਾਲੀ ਦਲ ਵੱਲੋਂ ਅੱਜ ਲਿਆ ਅਚਨਚੇਤੀ ਫ਼ੈਸਲਾ ਸਭ ਨੂੰ ਹੈਰਾਨ ਕਰਨ ਵਾਲਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ’ਤੇ ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨ ਵਜੋਂ ਕੀਤੀ ਗਈ ਨਿਯੁਕਤੀ ਨੂੰ ਮੁੱਢੋਂ ਤੋਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮੰਗ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਹੈ ਨਾ ਕਿ ਕਿਸੇ ਲੀਡਰ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੀ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਕੋਲ ਕੋਈ ਅਧਿਕਾਰ ਨਹੀਂ ਹੁੰਦਾ ਤੇ ਦੂਸਰਾ ਭੂੰਦੜ ਵੀ ਉਸ ਪ੍ਰਕਿਰਿਆ ਵਿੱਚ ਸ਼ਾਮਲ ਸਨ, ਜਿਸ ਕਰਕੇ ਅਕਾਲ ਤਖ਼ਤ ਦੇ ਸਨਮੁੱਖ ਮਸਲਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਨਹੀਂ ਦਿਖਾ ਰਹੇ ਅਤੇ ਅਜਿਹੇ ਫ਼ੈਸਲਿਆਂ ਨੂੰ ਸਿੱਖ ਪੰਥ ਕਦੀ ਵੀ ਪ੍ਰਵਾਨ ਨਹੀਂ ਕਰੇਗਾ, ਜਿਨ੍ਹਾਂ ’ਚੋਂ ਸੁਖਬੀਰ ਬਾਦਲ ਨੇ ਹੰਕਾਰ ਦੀ ਝਲਕ ਆ ਰਹੀ ਹੈ। ਉਨ੍ਹਾਂ ਦਲਜੀਤ ਸਿੰਘ ਚੀਮਾ ਦੇ ਬਿਆਨ ਕਿ ਸੁਖਬੀਰ ਬਾਦਲ ਨੇ ਇਸ ਲਈ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ ਕਿਉਂਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਾ ਚਾਹੁੰਦੇ ਸੀ, ਨੂੰ ਵੀ ਹਾਸੋਹੀਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪ੍ਰਧਾਨਗੀ ਛੱਡਣ ਨੂੰ ਤਿਆਰ ਨਹੀਂ, ਫਿਰ ਉਨ੍ਹਾਂ ਵਿੱਚ ਕਿਹੜੀ ਨਿਮਾਣੀ ਗੱਲ ਹੈ। ਸੁਧਾਰ ਲਹਿਰ ਦੇ ਆਗੂਆਂ ਨੇ ਇਸ ਨਿਯੁਕਤੀ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਭਾਵਨਾ ਦੇ ਮੁਤਾਬਿਕ ਉਹ ਫ਼ੈਸਲੇ ਲੈਣੇ ਚਾਹੀਦੇ ਹਨ, ਜਿਨ੍ਹਾਂ ਨੂੰ ਸਮੁੱਚਾ ਸਿੱਖ ਜਗਤ ਪ੍ਰਵਾਨ ਕਰ ਸਕੇ।