#PUNJAB

ਭ੍ਰਿਸ਼ਟਾਚਾਰ ਮਾਮਲਾ: ਕ੍ਰਿਸ਼ਨੂੰ ਸ਼ਾਰਦਾ ਦੀ ਜ਼ਮਾਨਤ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਨੋਟਿਸ

7 ਜਨਵਰੀ ਨੂੰ ਹੋਵੇਗੀ ਸੁਣਵਾਈ; ਹਰਚਰਨ ਭੁੱਲਰ ਦੀ ਜ਼ਮਾਨਤ ਹੋ ਚੁੱਕੀ ਹੈ ਖਾਰਜ
ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਵਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਅੱਜ ਸੀ.ਬੀ.ਆਈ. ਨੂੰ 7 ਜਨਵਰੀ ਲਈ ਨੋਟਿਸ ਜਾਰੀ ਕੀਤਾ ਹੈ। ਸੀ.ਬੀ.ਆਈ. ਅਦਾਲਤ ਨੇ ਕਿਹਾ ਕਿ ਸੀ.ਬੀ.ਆਈ. ਇਸ ਮਾਮਲੇ ਵਿਚ ਆਪਣਾ ਜਵਾਬ ਦਾਇਰ ਕਰੇ। ਸ਼ਾਰਦਾ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਵਿਚ ਕਿਹਾ ਕਿ ਮਾਮਲੇ ਵਿਚ ਚਲਾਨ ਪਹਿਲਾਂ ਹੀ ਦਾਇਰ ਕੀਤਾ ਜਾ ਚੁੱਕਾ ਹੈ ਅਤੇ ਜਾਂਚ ਮੁਕੰਮਲ ਹੋ ਚੁੱਕੀ ਹੈ।
ਸੀ.ਬੀ.ਆਈ. ਨੇ ਭੁੱਲਰ ਅਤੇ ਉਸ ਦੇ ਕਥਿਤ ਸਹਾਇਕ ਕ੍ਰਿਸ਼ਨੂੰ ਸ਼ਾਰਦਾ ਨੂੰ ਪਿਛਲੇ ਸਾਲ 16 ਅਕਤੂਬਰ ਨੂੰ ਇੱਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਨੂੰ 11 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਵਸਨੀਕ ਆਕਾਸ਼ ਬੱਤਾ ਤੋਂ ਇੱਕ ਲਿਖਤੀ ਸ਼ਿਕਾਇਤ ਮਿਲੀ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਰਾਹੀਂ ਬੱਤਾ ਖ਼ਿਲਾਫ਼ 2023 ਵਿਚ ਪੁਲਿਸ ਸਟੇਸ਼ਨ ਸਰਹਿੰਦ ਵਿਚ ਦਰਜ ਐੱਫ.ਆਈ.ਆਰ. ਦਾ ਨਿਪਟਾਰਾ ਕਰਨ ਲਈ ਰਿਸ਼ਵਤ ਦੀ ਮੰਗੀ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸੀ.ਬੀ.ਆਈ. ਨੇ ਜਾਲ ਵਿਛਾਇਆ ਅਤੇ ਦੋਵਾਂ ਨੂੰ ਰਿਸ਼ਵਤ ਦੇ ਪੈਸੇ ਸਮੇਤ ਗ੍ਰਿਫ਼ਤਾਰ ਕਰ ਲਿਆ।
ਸੀ.ਬੀ.ਆਈ. ਅਦਾਲਤ ਨੇ ਇਸ ਤੋਂ ਇਕ ਦਿਨ ਪਹਿਲਾਂ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿਚ ਦਾਇਰ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਦੇ ਸੈਕਟਰ 21 ਤੋਂ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਜਾਂਚ ਦੌਰਾਨ ਕ੍ਰਿਸ਼ਨੂੰ ਸ਼ਾਰਦਾ ਦਾ ਮੋਬਾਈਲ ਫੋਨ ਜ਼ਬਤ ਕੀਤਾ ਗਿਆ ਸੀ, ਜਿਸ ਵਿਚੋਂ ਸ਼ਾਰਦਾ ਦੀ ਕਈ ਜਣਿਆਂ ਨਾਲ ਰਿਸ਼ਵਤ ਮਾਮਲੇ ਵਿਚ ਹੋਈ ਗੱਲਬਾਤ ਦਾ ਖੁਲਾਸਾ ਹੋਇਆ।