ਐੱਸ.ਏ.ਐੱਸ. ਨਗਰ, 25 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਆਪਣੀ ਰਡਾਰ ‘ਤੇ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਰਜ਼ੀ ‘ਤੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ, ਜਿਸ ਦੀ ਮਿਆਦ 29 ਨਵੰਬਰ ਤੱਕ ਹੈ।
ਸੂਤਰਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦੇ ਮੰਤਰੀ ਰਹਿੰਦਿਆਂ ਹਾਸਲ ਕੀਤੇ ਗਏ ਗ਼ੈਰਕਾਨੂੰਨੀ ਵਿੱਤੀ ਲਾਭ ਨੂੰ ਗਜਪਤ ਸਿੰਘ ਗਰੇਵਾਲ ਦੇ ਨਾਂ ‘ਤੇ ਚੱਲ ਰਹੇ ਕਾਰੋਬਾਰਾਂ ਵਿਚ ਨਿਵੇਸ਼ ਕੀਤਾ ਗਿਆ ਸੀ, ਜਿਸ ਕਾਰਨ ਹੁਣ ਵਿਜੀਲੈਂਸ ਬਿਊਰੋ ਗਜਪਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਭਾਲ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਜਪਤ ਸਿੰਘ ਗਰੇਵਾਲ ਮਾਮਲੇ ਦੀ ਜਾਂਚ ਵਿਚ ਸਹਿਯੋਗ ਦੇਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਅੱਗੇ ਦੋ ਵਾਰ ਪੇਸ਼ ਹੋ ਚੁੱਕੇ ਹਨ, ਪ੍ਰੰਤੂ ਜਦੋਂ ਉਨ੍ਹਾਂ ਨੂੰ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਤਾਂ ਉਹ ਨਹੀਂ ਆਏ। ਇਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਸ਼ੁਰੂ ਕੀਤੀ ਹੈ।
ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

