#PUNJAB

ਮਜੀਠੀਆ ਦੇ ਵਕੀਲਾਂ ਵੱਲੋਂ ਰਿਮਾਂਡ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ

-ਨਵੀਂ ਪਟੀਸ਼ਨ ਕੀਤੀ ਜਾਵੇਗੀ ਦਾਇਰ
ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ, ਮਜੀਠੀਆ ਦੇ ਵਕੀਲਾਂ ਨੇ ਰਿਮਾਂਡ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ। ਹੁਣ ਉਨ੍ਹਾਂ ਵੱਲੋਂ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਬਿਕਰਮ ਮਜੀਠੀਆ ਨੂੰ ਵਿਜੀਲੈਂਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਪੂਰੇ ਦੋ ਮਹੀਨੇ ਹੋ ਗਏ ਹਨ। ਉਹ ਇਸ ਵੇਲੇ ਨਵੀਂ ਨਾਭਾ ਜੇਲ੍ਹ ਵਿਚ ਬੰਦ ਹਨ।
ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਮਜੀਠੀਆ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। 23 ਅਗਸਤ ਨੂੰ ਵਿਜੀਲੈਂਸ ਬਿਊਰੋ ਨੇ ਅਦਾਲਤ ਵਿਚ ਉਨ੍ਹਾਂ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ। ਇਸ ਚਾਰਜਸ਼ੀਟ ਵਿਚ 200 ਗਵਾਹਾਂ ਅਤੇ 700 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦੇ ਵੇਰਵੇ ਹਨ। ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਇਸ ਵਿਚ 400 ਤੋਂ ਵੱਧ ਬੈਂਕ ਖਾਤਿਆਂ ਦਾ ਜ਼ਿਕਰ ਹੈ, ਜਿਨ੍ਹਾਂ ਦੇ ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤੋਂ ਇਲਾਵਾ, 2021 ਵਿਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਐੱਨ.ਡੀ.ਪੀ.ਐੱਸ. ਮਾਮਲੇ ਦੀ ਜਾਂਚ ਵੀ ਤੇਜ਼ ਹੋ ਗਈ ਹੈ। ਇਸ ਮਾਮਲੇ ਵਿਚ ਬਣਾਈ ਗਈ ਐੱਸ.ਆਈ.ਟੀ. ਨੇ ਨਾਭਾ ਜੇਲ੍ਹ ਪਹੁੰਚ ਕੇ ਮਜੀਠੀਆ ਤੋਂ ਪੁੱਛਗਿੱਛ ਕੀਤੀ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਪੂਰੇ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕਰਨਗੇ।