#INDIA

ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਸੁਪਰੀਮ ਕੋਰਟ ਦੇ ਜੱਜ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਉਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਤੋਂ ਵੀਰਵਾਰ ਨੂੰ ਖੁਦ ਨੂੰ ਵੱਖ ਕਰ ਲਿਆ, ਜਿਨ੍ਹਾਂ ‘ਚ ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ ਸੀ।
ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕਰੋਲ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਕਿਹਾ ਕਿ ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਦਾਇਰ ਮਾਮਲਿਆਂ ‘ਚ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ‘ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਲਈ ਇਕ ਅਜਿਹੀ ਬੈਂਚ ਸੁਣਵਾਈ ਕਰੇਗੀ, ਜਿਸ ਦੇ ਮੈਂਬਰ ਜਸਟਿਸ ਕੁਮਾਰ ਨਹੀਂ ਹੋਣਗੇ।
ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਜਸਟਿਸ ਖੰਨਾ ਨੇ ਕਿਹਾ, ”ਸਾਡੇ ਭਰਾ ਨੂੰ ਕੁਝ ਪ੍ਰੇਸ਼ਾਨੀ ਹੈ। ਉਹ ਨਿੱਜੀ ਕਾਰਨਾਂ ਕਰ ਕੇ ਕੇਸ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੇ।” ਬੈਂਚ ਨੇ ਕਿਹਾ ਕਿ ਹੁਣ ਇਕ ਹੋਰ ਬੈਂਚ 15 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ 4 ਜੂਨ ਨੂੰ ਕਥਿਤ ਸ਼ਰਾਬ ਨੀਤੀ ਘਪਲੇ ਸਬੰਧੀ ਸੀ.ਬੀ.ਆਈ. ਅਤੇ ਈ.ਡੀ. ਵੱਲੋਂ ਦਰਜ ਕੀਤੇ ਗਏ ਮਾਮਲਿਆਂ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।