ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਬੁੱਧਵਾਰ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਮੀਤ ਹੇਅਰ ਨੇ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਭੇਜਿਆ ਹੈ, ਹਾਲਾਂਕਿ ਸਪੀਕਰ ਨੇ ਹੇਅਰ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਹੈ। ਸਪੀਕਰ ਵੱਲੋਂ ਇਸ ਤੋਂ ਪਹਿਲਾਂ ਲੋਕ ਸਭਾ ਚੋਣ ਜਿੱਤਣ ਵਾਲੇ ਤਿੰਨ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕੀਤੇ ਜਾ ਚੁੱਕੇ ਹਨ। ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਕਾਰਨ ਪੰਜਾਬ ਵਿਚ ਜਲਦੀ ਹੀ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਮੀਤ ਹੇਅਰ ਪੰਜਾਬ ਵਿਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਹਨ। ਸਾਲ 2017 ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ‘ਆਪ’ ਸਰਕਾਰ ਨੇ ਮੀਤ ਹੇਅਰ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਸੀ। ਇਸ ਵਾਰ ‘ਆਪ’ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੀਤ ਹੇਅਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ, ਜਿੱਥੇ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1.72 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ।