ਚੰਡੀਗੜ੍ਹ, 31 ਅਕਤੂਬਰ (ਪੰਜਾਬ ਮੇਲ)- ਸੀ.ਬੀ.ਆਈ. ਕੋਰਟ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਭੁੱਲਰ ਨੂੰ ਅੱਜ 14 ਦਿਨਾਂ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੀ.ਬੀ.ਆਈ. ਕੋਰਟ ਵਿਚ ਪੇਸ਼ ਕੀਤਾ ਗਿਆ। ਚੇਤੇ ਰਹੇ ਕਿ ਸੀ.ਬੀ.ਆਈ. ਨੇ ਅੱਜ ਵੀ ਭੁੱਲਰ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ, ਜਿਸ ਕਰਕੇ ਕੋਰਟ ਨੇ ਮੁਅੱਤਲ ਪੁਲਿਸ ਅਧਿਕਾਰੀ ਨੂੰ 14 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਸੀ.ਬੀ.ਆਈ. ਨੇ ਭੁੱਲਰ ਨੂੰ 16 ਅਕਤੂਬਰ ਨੂੰ ਇੱਕ ਸਕ੍ਰੈਪ ਡੀਲਰ ਤੋਂ ‘ਸੇਵਾ ਪਾਣੀ’ ਵਜੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਦੀ ਟੀਮ ਨੇ ਮਗਰੋਂ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਰਿਹਾਇਸ਼ ‘ਤੇ ਮਾਰੇ ਛਾਪੇ ਦੌਰਾਨ ਉਥੋਂ 7.5 ਕਰੋੜ ਰੁਪਏ ਦੀ ਨਕਦੀ ਤੋਂ ਇਲਾਵਾ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਮੁਹਿੰਮ ਦੌਰਾਨ ਰੋਲੈਕਸ ਤੇ ਰਾਡੋ ਬਰਾਂਡ ਸਣੇ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਮ ‘ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਲਾਕਰ ਦੀਆਂ ਚਾਬੀਆਂ ਅਤੇ ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਜ਼ਿੰਦਾ ਕਾਰਤੂਸਾਂ ਦੇ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਸਨ। ਸੀ.ਬੀ.ਆਈ. ਨੇ ਬੀਤੇ ਦਿਨੀਂ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਨਵਾਂ ਕੇਸ ਦਰਜ ਕੀਤਾ ਹੈ।
ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ
 
                                 
        
