– ਨਿਊ ਨਾਭਾ ਜੇਲ੍ਹ ਵਿਚ 19 ਜੁਲਾਈ ਤੱਕ ਨਜ਼ਰਬੰਦ ਰੱਖਿਆ ਜਾਵੇਗਾ
ਮੁਹਾਲੀ, 7 ਜੁਲਾਈ (ਪੰਜਾਬ ਮੇਲ)- ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਅਦਾਲਤ ‘ਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਇੱਕ ਮਾਮਲੇ ਵਿਚ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਅਗਲੇ ਦਿਨ ਮੁਹਾਲੀ ਲਿਆਂਦਾ ਗਿਆ ਸੀ। ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਸੀ, ਜਿਸ ਨੂੰ ਫਿਰ ਚਾਰ ਦਿਨ ਵਧਾ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਮਜੀਠੀਆ ਨੂੰ ਸ਼ਨਿੱਚਰਵਾਰ ਨੂੰ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਗੋਰਖਪੁਰ, ਉੱਤਰ ਪ੍ਰਦੇਸ਼ ਲਿਜਾਇਆ ਗਿਆ ਸੀ। ਪੁਲਿਸ ਨੇ ਐਤਵਾਰ ਹੋਣ ਦੇ ਬਾਵਜੂਦ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਤੇ ਸਵੇਰ ਤੋਂ ਹੀ ਅਦਾਲਤੀ ਕੰਪਲੈਕਸ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਨੇ ਸਵੇਰੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕਈ ਪ੍ਰਮੁੱਖ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮੁਹਾਲੀ ਵੱਲ ਆਉਣ ਤੋਂ ਰੋਕਣ ਲਈ ਹਿਰਾਸਤ ਵਿਚ ਵੀ ਲਿਆ।
ਇਸ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੂੰ ਅਦਾਲਤ ਵਿਚ ਜਾਣ ਤੋਂ ਰੋਕ ਦਿੱਤਾ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਰਹੇ। ਦੱਸਣਾ ਬਣਦਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਵੀ ਅਦਾਲਤ ਦੀ ਮਨਜ਼ੂਰੀ ਨਾਲ ਉਹ ਅਦਾਲਤ ਵਿਚ ਮੌਜੂਦ ਰਹੇ ਸਨ।
ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ
