ਮਾਨਸਾ, 6 ਜੁਲਾਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਸਤਗਾਸਾ ਪੱਖ ਵੱਲੋਂ ਸੂਚੀਬੱਧ ਕੀਤੇ ਗਏ ਦੋ ਮੁੱਖ ਗਵਾਹ ਲਗਾਤਾਰ ਦੂਜੀ ਸੁਣਵਾਈ ਲਈ ਮਾਨਸਾ ਦੀ ਹੇਠਲੀ ਅਦਾਲਤ ਵਿਚ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਕਤਲ ਦੀ ਵਾਰਦਾਤ ਦੌਰਾਨ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਗਾਇਕ ਮੂਸੇਵਾਲਾ ਨਾਲ ਗੱਡੀ ‘ਚ ਸਵਾਰ ਸਨ। ਅਦਾਲਤ ਨੇ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਤਲਬ ਕੀਤਾ ਸੀ। ਦੋਵਾਂ ਨੇ ਸਿਹਤ ਦੇ ਆਧਾਰ ‘ਤੇ ਪਹਿਲਾਂ 20 ਮਈ ਦੀ ਸੁਣਵਾਈ ਤੋਂ ਛੋਟ ਮੰਗੀ ਸੀ, ਜਦੋਂਕਿ ਉਨ੍ਹਾਂ ਨੇ ਫਿਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਮੰਗੀ ਹੈ।
ਦੋਵੇਂ ਮੁੱਖ ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਇਸਤਗਾਸਾ ਪੱਖ ਦੇ ਗਵਾਹਾਂ ਨੂੰ 26 ਜੁਲਾਈ ਲਈ ਮੁੜ ਸੰਮਨ ਜਾਰੀ ਕਰ ਦਿੱਤੇ ਹਨ। ਉਸੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਵੀ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਚਾਰਜਸ਼ੀਟ ਵਿਚ ਐੱਸ.ਆਈ.ਟੀ. ਨੇ ਦਾਅਵਾ ਕੀਤਾ ਹੈ ਕਿ ਗੁਰਵਿੰਦਰ ਅਤੇ ਗੁਰਪ੍ਰੀਤ ਦੋਵਾਂ ਨੇ ਆਪਣੇ ਬਿਆਨਾਂ ਵਿਚ ਕਿਹਾ ਹੈ ਕਿ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਸ਼ੂਟਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ‘ਤੇ ਕਤਲ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਪੁਲਿਸ ਕੋਲ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਵੀ ਕਰਵਾ ਦਿੱਤੀ ਹੈ।