– ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ
– ਛੋਟਾ ਮਨੀ ਨੇ 2017 ਵਿਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿਚ ਵੀ ਕੀਤੀ ਸੀ ਮਦਦ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 3 ਫਰਵਰੀ (ਪੰਜਾਬ ਮੇਲ)- ਸੂਬੇ ‘ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿਚ ਮਦਦ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ, ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐੱਫ. ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ.ਐੱਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ, ਜਬਰਨ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿਚ, ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਆਧਾਰਿਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿਚ ਵਿਕਾਸ ਸਿੰਘ ਨੂੰ ਨਵੰਬਰ 2023 ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ।
ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐੱਸ.ਏ.ਐੱਸ. ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।